ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵਿਸ਼ਵ ਵਿਆਪੀ ਪਸਾਰੇ ਕਾਰਨ ਜਿੱਥੇ ਦੁਨੀਆਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਥੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਨੂੰ ੲਸ ਦੇ ਅਸਰ ਤੋਂ ਮੁਕਤ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ।ਇਹ ਪ੍ਰਗਟਰਾਵਾ ਕਰਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਮੁਸ਼ਕਿਲ ਦੀ ਘੜੀ ਵਿੱਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।
ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ਼ ਹੈਲਪ ਗਰੁੱਪਾਂ ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ।ਇਸ ਦਾ ਅੰਦਾਜਨ ਸੈਲਫ ਹੈਲਪ ਗਰੁੱਪਾਂ ਨੂੰ 50 ਲੱਖ ਰੁਪਏ ਦਾ ਕਾਰੋਬਾਰ ਹੋਰ ਮਿਲੇਗਾ।
ਉਨ੍ਹਾਂ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ-ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।ਇਸ ਸੰਕਟ ਦੀ ਘੜੀ ਆਜੀਵਕਾ ਮਿਸ਼ਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ ਨੇ ਦੱਸਿਆ ਕਿ ਮਾਸਕ ਬਣਾਉਣ ਤੋਂ ਇਲਾਵਾ ਵਿਭਾਗ ਵੱਲੋਂ ਮਹਾਂਮਾਰੀ ਸਬੰਧੀ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਵਿਭਾਗ ਨੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾ ਕੇ ਕੋਵਿਡ ਤੋਂ ਬਚਾਅ ਲਈ ਜਾਣਕਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਲੋਕਜਾਂ ਤੱਕ ਹੁੰਚਾਇਆ ਜਾ ਰਿਹਾ ਹੈ, ਪਿੰਡਾਂ ਵਿੱਚ ਲਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ।