ਚੰਡੀਗੜ੍ਹ: ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਤੋਂ ਪਹਿਲਾ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਨਾ ਸਿੱਖ ਪੰਥ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਖ਼ਿਲਾਫ਼ ਕੋਝੀ ਹਰਕਤ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਅੰਤਰਰਾਜੀ ਕਾਰਪੋਰੇਟ ਸੰਸਥਾ ਅਤੇ ਇਕਲੌਤੀ ਅਜਿਹੀ ਸੰਸਥਾ ਹੈ, ਜਿਹੜੀ ਇਸ ਦੀ ਮੌਜੂਦਾ ਬਣਤਰ ਵਿੱਚ ਤਬਦੀਲੀ ਕਰਨ ਸਬੰਧੀ ਫੈਸਲਾ ਲੈ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮੁੱਦੇ ਉੁੱਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖਾਂ ਵਿੱਚ ਫੁੱਟ ਪਾਉਣ ਲਈ ਉਹਨਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲ ਦੇਣ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਨਿੰਦਣਯੋਗ ਹਨ।
ਦੱਸ ਦਈਏ ਕਿ ਇਸ ਬੈਠਕ ਵਿੱਚ ਬਰਗਾੜੀ ਗੋਲੀਕਾਂਡ ਦੇ ਮੁੱਖ ਗਵਾਹ ਦੀ ਪਤਨੀ ਨਾਲ ਕੀਤੀ ਜਾ ਰਹੀ ਬਦਸਲੂਕੀ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਮੁੱਦੇ 'ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਮੁੱਖ ਗਵਾਹ ਦੀ ਪਤਨੀ ਵੱਲੋਂ ਦੋਸ਼ ਲਗਾਏ ਗਏ ਹਨ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਉਨ੍ਹਾਂ ਖ਼ਿਲਾਫ਼ ਗਵਾਹੀ ਨਾ ਦੇਣ।