ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ।
ਵਫਦ ਨੇ ਇਹ ਵੀ ਮੰਗ ਕੀਤੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਂਗਰਸੀ ਆਗੂਆਂ ਵੱਲੋਂ ਕਥਿਤ ਤੌਰ 'ਤੇ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਕਮਾਏ ਪੈਸੇ ਵਸੂਲੇ। ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟੀਲਰੀਆਂ ਤੋਂ ਸਪੀਰਿਟ ਤੇ ਈਐਨਏ ਦੀ ਸਪਲਾਈ ਰੋਕੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਜੋ ਇਸ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ, ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ।
![SAD urges governor to dismiss cong govt](https://etvbharatimages.akamaized.net/etvbharat/prod-images/8320527_sukh-2.jpg)
ਵਫਦ, ਜਿਸ ਦੇ ਨਾਲ ਇਕ ਪੀੜਤ ਪਰਿਵਾਰ ਵੀ ਗਿਆ ਸੀ, ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ ਤੇ ਇਸੇ ਲਈ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਬਕਾਰੀ ਤੇ ਗ੍ਰਹਿ ਮੰਤਰੀ ਵਜੋਂ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਫੇਲ ਹੋ ਗਏ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਰਾਜਪੁਰਾ ਤੇ ਖੰਨਾ ਵਿਖੇ ਫੜੀਆਂ ਗਈਆਂ ਦੋ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਦਾ ਖੁਲਾਸਾ ਹੋਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।
![SAD urges governor to dismiss cong govt](https://etvbharatimages.akamaized.net/etvbharat/prod-images/8320527_sukh-1.jpg)
ਵਫਦ ਨੇ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਕਾਰਨ ਸੂਬੇ ਦੇ ਖ਼ਜ਼ਾਨੇ ਨੂੰ ਪਹਿਲਾਂ ਹੀ 5600 ਕਰੋੜ ਰੁਪਏ ਦਾ ਘਾਟਾ ਪੈ ਚੁੱਕਾ ਹੈ। ਸਾਬਕਾ ਮੁੱਖ ਸਕੱਤਰ ਨੇ ਮੰਤਰੀਆਂ 'ਤੇ ਸੂਬੇ ਦੇ ਖ਼ਜ਼ਾਨੇ ਨੂੰ ਘਾਟਾ ਪਾਉਣ ਦੇ ਦੋਸ਼ ਲਾਏ ਸਨ ਪਰ ਸਰਕਾਰ ਨੇ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ। ਉਹਨਾਂ ਦੱਸਿਆ ਕਿ ਲੌਕਡਾਊਨ ਦੌਰਾਨ ਰਾਤ ਦੇ ਕਰਫਿਊ ਵਿਚ ਇਸ ਕਰ ਕੇ ਵਾਧਾ ਕੀਤਾ ਗਿਆ ਤਾਂ ਕਿ ਨਜਾਇਜ਼ ਸ਼ਰਾਬ ਆਸਾਨੀ ਨਾਲ ਇਕ ਥਾਂ ਤੋਂ ਦੂਜੀ ਥਾਂ 'ਤੇ ਲਿਜਾਈ ਜਾ ਸਕੇ।
ਸੁਖਬੀਰ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੁਨੀਲ ਜਾਖੜ ਤੇ ਰਾਹੁਲ ਗਾਂਧੀ ਦੋਵੇਂ ਇਸ ਕਰ ਕੇ ਚੁੱਪ ਹਨ ਕਿਉਂਕਿ ਗੈਰ ਕਾਨੂੰਨੀ ਸ਼ਰਾਬ ਦੇ ਇਸ ਧੰਦੇ ਵਿਚੋਂ ਇਨ੍ਹਾਂ ਨੂੰ ਵੀ ਹਰ ਮਹੀਨੇ ਹਿੱਸੇ ਮਿਲਦੇ ਹਨ ਤੇ ਇਹ ਹਿੱਸੇਦਾਰੀ ਕਾਂਗਰਸ ਹਾਈ ਕਮਾਂਡ ਤੱਕ ਪੁੱਜ ਰਹੀ ਹੈ।