ਚੰਡੀਗੜ੍ਹ : ਬਹਿਬਲ ਕਲਾਂ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਬਰਖ਼ਾਸਤ ਆਈਜੀ ਪਰਮਰਾਜ ਉਮਰਾਨੰਗਲ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਸੁਣਵਾਈ ਵਿੱਚ ਕੋਰਟ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ ਸੁਣਵਾਈ ਹੋਵੇਗੀ।
ਅੱਜ ਹੋਈ ਸੁਣਵਾਈ ਵਿੱਚ ਦੋਵਾਂ ਪੱਖਾਂ ਦੇ ਵਿੱਚ ਇੱਕ ਘੰਟੇ ਤੱਕ ਬਹਿਸ ਚੱਲੀ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਬਰਖ਼ਾਸਤ ਆਈਜੀ ਪਰਮਰਾਜ ਉਮਰਾਨੰਗਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜਨੀਤਿਕ ਕਾਰਨਾਂ ਦੇ ਚੱਲਦੇ ਇਸ ਮਾਮਲੇ ਵਿੱਚ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ, ਜਦੋਂ ਕਿ ਇਸ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਕੱਲ੍ਹ ਇਸ ਮਾਮਲੇ ਨੂੰ ਲੈ ਕੇ ਫਿਰ ਤੋਂ ਬਹਿਸ ਹੋਣੀ ਹੈ ਤੇ ਉਸ ਤੋਂ ਬਾਅਦ ਹੀ ਜ਼ਮਾਨਤ ਉੱਤੇ ਫੈਸਲਾ ਹੋਵੇਗਾ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਪ੍ਰਦੀਪ ਵਿਰਕ ਨੇ ਬਰਖਾਸਤ ਆਈਜੀ ਪਰਮਰਾਜ ਉਮਰਾਨੰਗਲ ਦੀ ਗ੍ਰਿਫ਼ਤਾਰੀ ਨਾ ਹੋਣ ਉੱਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਫ਼ਰੀਦਕੋਟ ਅਦਾਲਤ ਵਿੱਚ ਉਮਰਾਨੰਗਲ ਪੇਸ਼ ਹੋ ਕੇ ਚਲੇ ਗਏ ਪਰ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਦਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਇੱਕ ਹੋਰ ਮਾਮਲੇ ਵਿੱਚ ਫ਼ਰੀਦਕੋਟ ਕੋਰਟ ਵੱਲੋਂ ਖਾਰਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ
ਬਰਗਾੜੀ ਗੋਲੀਕਾਂਡ ਮਾਮਲੇ ਵਿੱਚ ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਖਾਰਿਜ ਹੋ ਚੁੱਕੀ ਹੈ। ਇਸ ਦੇ ਬਾਵਜੂਦ ਇਸ ਦੇ ਇਕ ਹੋਰ ਮਾਮਲੇ ਵਿੱਚ ਉਮਰਾਨੰਗਲ ਫ਼ਰੀਦਕੋਟ ਅਦਾਲਤ ਵਿੱਚ ਪੇਸ਼ੀ ਭੁਗਤ ਕੇ ਚਲੇ ਗਏ ,ਅਜਿਹੇ ਵਿੱਚ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨਾ ਕੀਤੇ ਨਾ ਕੀਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।