ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਦੋਸ਼ੀ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਸਪੈਂਡਿਡ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਦੋਵਾਂ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਅਗਾਊਂ ਜ਼ਮਾਨਤ ਦਿੰਦੇ ਹੋਏ ਟਰਾਇਲ ਕੋਰਟ ਵਿੱਚ ਮੈਜਿਸਟ੍ਰੇਟ ਦੇ ਸਾਹਮਣੇ 8 ਮਾਰਚ ਤੱਕ ਜਾਂ ਉਸ ਤੋਂ ਪਹਿਲਾਂ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।
ਫ਼ਰੀਦਕੋਟ ਅਦਾਲਤ ਨੇ ਰੱਦ ਕੀਤੀ ਸੀ ਅਗਾਊਂ ਜ਼ਮਾਨਤ ਪਟੀਸ਼ਨ
ਇਸ ਤੋਂ ਪਹਿਲਾਂ ਦੋਵਾਂ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਫ਼ਰੀਦਕੋਟ ਦੀ ਅਦਾਲਤ ਨੇ ਖਾਰਜ ਕੀਤੀ ਸੀ ਜਿਸ ਤੋਂ ਬਾਅਦ ਉਮਰਾਨੰਗਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਅਤੇ ਅੱਜ ਦੋਵਾਂ ਨੂੰ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ।
ਵਾਅਦਾ ਮੁਆਫ਼ ਖ਼ਿਲਾਫ਼ ਸੈਣੀ ਤੇ ਪਰਮਰਾਜ ਉਮਰਾਨੰਗਲ ਦੇ ਵਕੀਲ ਨੇ ਚੁੱਕੇ ਸਵਾਲ
ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਨ ਹਰਿਨ ਰਾਵਲ ਪੇਸ਼ ਹੋਏ ਸੀ। ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਦੇ ਵਕੀਲ ਏਪੀਐਸ ਦਿਓਲ ਨੇ ਕੋਰਟ ਨੂੰ ਦੱਸਿਆ ਕਿ ਮਾਮਲੇ ਵਿੱਚ ਦੋਵਾਂ ਪੁਲਿਸ ਅਫ਼ਸਰਾਂ ਨੂੰ ਪੰਜ ਸਾਲ ਬਾਅਦ ਨਾਮਜ਼ਦ ਕੀਤਾ ਹੈ। ਪੰਜਾਬ ਸਰਕਾਰ ਦੇ ਵਕੀਲ ਲਗਾਤਾਰ ਇਹ ਦਲੀਲ ਦਿੰਦੇ ਹੋਏ ਨਜ਼ਰ ਆਈ ਜੋ ਵਾਅਦਾ ਮੁਆਫ਼ ਗਵਾਹ ਬਣਾਇਆ ਹੈ। ਉਸ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਆਦੇਸ਼ਾਂ ਤੋਂ ਬਾਅਦ ਪਰਮਰਾਜ ਉਮਰਾਨੰਗਲ ਨੇ ਗੋਲੀਆਂ ਚਲਾਉਣ ਦੇ ਨਿਰਦੇਸ਼ ਦਿੱਤੇ ਸੀ।
ਜ਼ਿਕਰਯੋਗ ਹੈ ਕਿ ਕੋਰਟ ਵਿੱਚ ਦੋਵਾਂ ਦੀ ਜ਼ਮਾਨਤ ਪਟੀਸ਼ਨ ਉੱਤੇ ਕਈ ਦਿਨਾਂ ਤੋਂ ਬਹਿਸ ਹੋਣ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ ਤੇ ਅੱਜ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਦੋਵਾਂ ਦੀ ਅਗਾਉਂ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਦਿੱਤੀ। ਦੋਵਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਖ਼ਿਲਾਫ਼ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈ ਕੀਤੀ ਜਾ ਰਹੀ ਹੈ।