ਚੰਡੀਗੜ੍ਹ: ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਵਜ਼ੀਫਾ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਸ਼ੁਰੂ ਕੀਤੀ ਗਈ ਸੰਕੇਤਕ ਭੁੱਖ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ ਹੈ।
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਰੋੜਾਂ ਰੁਪਏ ਦੇ ਹੋਏ ਘਪਲੇ ਬਾਰੇ ਰਿਪੋਰਟ ਵਧੀਕ ਮੁੱਖ ਸਕੱਤਰ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸੌਂਪੀ ਗਈ ਸੀ ਜਿਸ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ 63 ਕਰੋੜ ਰੁਪਏ ਦੇ ਘਪਲੇ ਦਾ ਜ਼ਿਕਰ ਕੀਤਾ ਗਿਆ ਸੀ ਪਰ ਇਹ ਘਪਲਾ ਇਸ ਨਾਲੋਂ ਕੀਤੇ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੀਮ ਦੇ ਰੁਪਏ ਸਹੀ ਢੰਗ ਨਾਲ ਜਾਰੀ ਨਾ ਕਰਨ ਕਰਕੇ ਅੱਜ ਲੱਖਾਂ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਨੇ ਦਾਖ਼ਲਾ ਦੇਣ ਤੋਂ ਜਵਾਬ ਦੇ ਦਿੱਤਾ।
ਚੰਡੀਗੜ੍ਹ ਵਿਖੇ ਰੈਲੀ ਗਰਾਊਂਡ ਵਿੱਚ ਧਰਨਾ ਦੇ ਰਹੇ ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਦੇ ਆਗੂਆਂ ਨੇ ਕਿਹਾ ਕਿ 6 ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਇਨ੍ਹਾਂ ਸੰਸਥਾਵਾਂ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਡਿਗਰੀਆਂ ਅਤੇ ਸਰਟੀਫਿਕੇਟ ਨਹੀਂ ਦਿੱਤੇ ਗਏ ਵਿੱਦਿਅਕ ਸੰਸਥਾਨ ਕਹਿ ਰਹੇ ਹਨ ਕਿ ਸਰਕਾਰ ਨੇ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਫੰਡ ਜਾਰੀ ਨਹੀਂ ਕੀਤੇ ਹਨ।
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਮੰਗ ਕੀਤੀ ਕਿ ਸਕੀਮ ਘੁਟਾਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ ਬਾਰੇ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਨੂੰ ਮਿਲਣ ਵਾਸਤੇ ਨਹੀਂ ਪੁੱਜਿਆ।