ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ 9 ਨਵੰਬਰ ਨੂੰ ਇਜਲਾਸ ਹੋਵੇਗਾ। SGPC president will be elected on November 9
ਇਸ ਮੌਕੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਪੰਥਕ ਮਰਯਾਦਾ ਅਨੁਸਾਰ ਕਰਨ ਦੇ ਨਾਲ-ਨਾਲ ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਅਤੇ ਇਸ ਤਹਿਤ ਆਪਣੇ ਫ਼ਰਜ਼ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਅਤਿ ਅਹਿਮ ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੰਜੀਦਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਇਕ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਅੱਗੇ ਵਧਾਉਣ ਲਈ ਕਾਰਜ ਕਰੇਗੀ। ਇਸ ਦੇ ਨਾਲ ਹੀ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਬੈਠਕ ਵੀ ਜਲਦ ਸੱਦੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਵੀ ਵਿਦਵਾਨਾਂ ਅਤੇ ਵਕੀਲਾਂ ਦੀ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਅੰਦਰ ਬੀਤੇ ਕੱਲ੍ਹ ਨਜ਼ਰਸਾਨੀ ਪਟੀਸ਼ਨ ਦਰਜ਼ ਕਰ ਦਿੱਤੀ ਗਈ ਹੈ ਅਤੇ ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਵੱਲੋਂ ਵੀ ਇਕ ਰੀਵਿਊ ਪਟੀਸ਼ਨ ਅੱਜ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਪੰਥਕ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਇਸ ਇਕੱਠ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਪੰਥ ਦਰਦੀ ਸ਼ਾਮਲ ਹੋਣ, ਤਾਂ ਜੋ ਅਗਲੇ ਪ੍ਰੋਗਰਾਮ ਐਲਾਨੇ ਜਾ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਤਕ ਕੀਤੇ ਸਹਾਇਤਾ ਦੇ ਵੇਰਵੇ:- ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ।
ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ, ਜੰਮੂ ਕਸ਼ਮੀਰ ਹੜ੍ਹ ਪੀੜਤਾਂ ਨੂੰ 1.15 ਕਰੋੜ ਰੁਪਏ, ਧਰਮ ਅਰਥ ਫੰਡ ਤਹਿਤ ਲੋੜਵੰਦਾਂ ਨੂੰ 14.79 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ, ਧਾਰਮਿਕ ਪ੍ਰੀਖਿਆ ਤੇ ਸਿਕਲੀਗਰ ਵਣਜਾਰੇ ਸਿੱਖਾਂ ਆਦਿ ਨੂੰ ਵੱਡੀ ਸਹਾਇਤਾ ਦਿੱਤੀ ਗਈ ਹੈ।
ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2021-2022 ਦੌਰਾਨ 2.10 ਕਰੋੜ ਰੁਪਏ ਦੇ ਵਜ਼ੀਫੇ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 52.35 ਲੱਖ ਰੁਪਏ, ਸਿਕਲੀਗਰ ਦੇ ਵਣਜਾਰੇ ਸਿੱਖਾਂ ਲਈ 43.48 ਲੱਖ ਰੁਪਏ, ਧਾਰਮਿਕ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ 23.87 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ ਹੈ ਅਤੇ ਰਹੇਗੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵੱਲੋਂ ਜਿੱਤੀ ਗਈ ਐਸਐਨਬੀਪੀ ਆਲ ਇੰਡੀਆ ਚੈਂਪੀਅਨਸ਼ਿਪ ਅਤੇ ਸੂਬਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਟੀਮ ਵੱਲੋਂ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਸਨਮਾਨ ਕਰਨ ਦਾ ਫੈਸਲਾ ਕੀਤਾ।
ਇਸ ਮੌਕੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਪਰਮਜੀਤ ਸਿੰਘ ਦੁਨੀਆਮਾਜਰਾ, ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਵਰਿੰਦਰ ਸਿੰਘ ਠਰੂ, ਸ. ਬਿਕਰਮਜੀਤ ਸਿੰਘ, ਸ. ਹਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜੋ: ਰਾਜਪਾਲ ਦਾ ਹੁਕਮ ''ਪੀਏਯੂ ਦੇ ਵੀਸੀ ਨੂੰ ਹਟਾਓ'' ਸੁਖਪਾਲ ਖਹਿਰਾ ਨੇ ਟਵੀਟ ਕਰਕੇ 'ਆਪ' ਵਿਧਾਇਕਾਂ 'ਤੇ ਕੱਸੇ ਤੰਜ਼