ਚੰਡੀਗੜ੍ਹ: ਲੋਕਾਂ ਨੂੰ ਮਾਰ ਕੇ ਤੁਸੀਂ ਉਨ੍ਹਾਂ ਦੇ ਵਿਚਾਰ ਨਹੀਂ ਮਾਰ ਸਕਦੇ, ਇਹ ਕਹਿਣਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸੀ, ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਤੇ ਅੰਗ੍ਰੇਜ਼ੀ ਹਕੂਮਤ ਦੀਆਂ ਜੜ੍ਹਾਂ ਨੂੰ ਆਪਣੇ ਹੌਂਸਲੇ ਨਾਲ ਹਿਲਾ ਦੇਣ ਵਾਲੇ ਭਗਤ ਸਿੰਘ ਮਹਿਜ਼ 23 ਸਾਲ ਦੀ ਉਮਰ 'ਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ। 23 ਮਾਰਚ ਨੂੰ ਦੇਸ਼ ਵਾਸੀ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਸਣੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹਨ।
ਭਗਤ ਸਿੰਘ ਦਾ ਜਨਮ ਤੇ ਜੀਵਨ
ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਕਿਸ਼ਨ ਸਿੰਘ ਦੇ ਘਰ ਮਾਤਾ ਵਿਦਿਆਵਤੀ ਦੀ ਕੁੱਖੋਂ ਹੋਇਆ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ (ਜ਼ਿਲ੍ਹਾਂ ਨਵਾਂ ਸ਼ਹਿਰ) ਸੀ, ਪਰ ਇਹ ਪਰਿਵਾਰ ਇਥੋਂ ਲਾਇਲਪੁਰ ਦੇ ਬਾਰ ਇਲਾਕੇ ਵਿੱਚ ਜਾ ਵਸਿਆ ਸੀ। ਭਗਤ ਸਿੰਘ ਦਾ ਪਰਿਵਾਰ ਮੁੱਢ ਤੋਂ ਹੀ ਕ੍ਰਾਂਤੀਕਾਰੀ ਸੀ। ਛੋਟੇ ਹੁੰਦਿਆਂ 14 ਅਪਰੈਲ 1919 ਦੇ ਦਿਨ ਜਲਿਆਂਵਾਲੇ ਬਾਗ਼ ਦੀ ਘਟਨਾ ਨੇ ਭਗਤ ਸਿੰਘ ਦੇ ਮਨ ‘ਤੇ ਬਹੁਤ ਡੂੰਘਾ ਅਸਰ ਪਾਇਆ। ਭਗਤ ਸਿੰਘ ਨੇ ਮਹਿਜ਼ 14 ਸਾਲ ਦੀ ਉਮਰ 'ਚ ਹੀ ਜ਼ੁਲਮ ਦੇ ਖਿਲਾਫ਼ ਆਵਾਜ਼ ਬੁਲੰਦ ਕਰ ਲਈ ਸੀ। ਭਗਤ ਸਿੰਘ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਪਰਿਵਾਰ ਨੂੰ ਦੱਸਿਆ ਕਿ ਉਹ ਆਪਣਾ ਜੀਵਨ ਦੇਸ਼ ਦੀ ਆਜ਼ਾਦੀ ਲਈ ਵਾਰਨਾ ਚਾਹੁੰਦੇ ਹਨ।
ਇਨਕਲਾਬੀ ਲਹਿਰ ਦੇ ਆਗੂ
ਸਾਲ 1921-1922 'ਚ ਲਾਹੌਰ ਵਿਖੇ ਦੇਸ਼ ਭਗਤਾਂ ਦੁਆਰਾ ਨੈਸ਼ਨਲ ਕਾਲਜ ਬਣਾਇਆ ਗਿਆ ਜਿਸ 'ਚ ਭਗਤ ਸਿੰਘ ਨੂੰ ਇੱਕ ਕਠਿਨ ਪ੍ਰੀਖਿਆ ਪਾਸ ਕਰਕੇ ਕਾਲਜ ਦੇ ਪਹਿਲੇ ਸਾਲ 'ਚ ਦਾਖਲਾ ਮਿਲ ਗਿਆ। ਇਥੇ ਜੈਦੇਵ ਗੁਪਤਾ ਅਤੇ ਉਨ੍ਹਾਂ ਦੀ ਕਲਾਸ 'ਚ ਪੜ੍ਹਦੇ ਸਨ। ਭਗਤ ਸਿੰਘ ਦੇ ਸਾਥੀ ਸੁਖਦੇਵ ਤੇ ਰਾਜਗੁਰੂ ਨਾਲ ਕਾਲਜ ਦਾ ਇਹ ਸਾਥ ਫਾਂਸੀ ਦੇ ਤਖ਼ਤੇ ਤੱਕ ਗਿਆ।
ਅਜਿਹੀ ਦੋਸਤੀ ਸ਼ਾਇਦ ਹੀ ਕਿਸੇ ਨੇ ਅੱਜ ਤੱਕ ਨਿਭਾਈ ਹੋਵੇ। ਕਾਲਜ 'ਚ ਪੜ੍ਹਾਈ ਦੇ ਦੌਰਾਨ ਉਨ੍ਹਾਂ ਨੇ ਕਾਲਜ ਦੇ ਨੈਸ਼ਨਲ ਨਾਟਕ ਕਲੱਬ ਦੇ ਅੰਤਰਗਤ ਇਨਕਲਾਬੀ ਡਰਾਮੇ ਖੇਡੇ। ਸੋਹਣੀ ਸ਼ਕਲ ਸੂਰਤ ਅਤੇ ਸੁਰੀਲੀ ਅਵਾਜ਼ ਦੀ ਬਦੌਲਤ ਭਗਤ ਸਿੰਘ ਨੇ ਬਹੁਤ ਸਾਰੇ ਨਾਟਕਾਂ 'ਚ ਨਾਇਕ ਦੀ ਭੂਮਿਕਾ ਨਿਭਾਉਂਦੇ ਹੋਏ ਇਨਕਲਾਬੀ ਗੀਤ ਗਾਏ। ਅੰਗਰੇਜ਼ ਸਰਕਾਰ ਵੱਲੋਂ ਇਸ ਕਲੱਬ 'ਤੇ ਇਨਕਲਾਬੀ ਨਾਟਕ ਖੇਡਣ ਕਾਰਨ ਪਾਬੰਦੀ ਲਗਾ ਦਿੱਤੀ ਗਈ।
ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਰੀ ਇਨਕਲਾਬੀ ਲਹਿਰ ਨੂੰ ਧਰਮ-ਨਿਰਪੱਖ ਬਣਾਉਣ ਦਾ ਯਤਨ ਕੀਤਾ। ਉਹ ਲਾਲਾ ਲਾਜਪਤ ਰਾਏ ਦਾ ਸਤਿਕਾਰ ਕਰਦੇ ਸਨ। ਭਗਤ ਸਿੰਘ ਦੇ ਵਿਚਾਰਾਂ ਨੂੰ ਸੁਣ ਕੇ ਲਾਲਾ ਜੀ ਨੇ ਉਸ ਨੂੰ ਇੱਕ ਵਾਰ ਰੂਸੀ ਏਜੰਟ ਵੀ ਕਿਹਾ ਸੀ। ਭਗਤ ਸਿੰਘ ਨੇ ਸਾਰੀ ਇਨਕਲਾਬੀ ਲਹਿਰ ਨੂੰ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ।
ਸਾਂਡਰਸ ਕਤਲ ਦੇ ਕੇਸ ਦਾ ਮੁਕੱਦਮਾ
ਸਾਂਡਰਸ ਕਤਲ ਦੇ ਕੇਸ ਦਾ ਮੁਕੱਦਮਾ 10 ਜੁਲਾਈ 1929 ਈ: ਨੂੰ ਜੇਲ 'ਚ ਹੀ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ 'ਚ ਸ਼ੁਰੂ ਕੀਤਾ ਗਿਆ। ਇਸ ਮਾਮਲੇ 'ਚ 25 ਵਿਅਕਤੀ ਨਾਮਜ਼ਦ ਕੀਤੇ ਗਏ ਸਨ। ਇਨਕਲਾਬੀਆਂ ਨੇ ਇਸ ਮੁਕਦਮੇ ਪ੍ਰਤੀ ਕੋਈ ਖਾਸ ਗੰਭੀਰਤਾ ਨਹੀਂ ਦਿਖਾਈ। ਇੰਝ ਤਰ੍ਹਾਂ ਲੱਗਦਾ ਸੀ ਕਿ ਜਿਵੇਂ ਉਨ੍ਹਾਂ ਦਾ ਮਕਸਦ ਸਿਰਫ ਫਾਂਸੀ ਚੜਨ ਤੱਕ ਹੀ ਸੀਮਿਤ ਸੀ। ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਮਾਮਲੇ ਦੀ ਕਾਰਵਾਈ ਲਈ ਇਕ ਟ੍ਰਿਬਿਊਨਲ ਗਠਿਤ ਕੀਤੀ ਗਈ। ਜਿਸ ਦੇ ਤਿੰਨ ਜੱਜ ਮੈਂਬਰ ਸਨ। ਇਸ ਟ੍ਰਿਬਿਊਨਲ ਨੇ 7 ਅਕਤੂਬਰ 1930 ਨੂੰ ਫੈਸਲਾ ਸੁਣਾਉਂਦੇ ਹੋਏ ਭਗਤ ਸਿੰਘ, ਸੁਖਦੇਵ ਥਾਪੜ ਅਤੇ ਸ਼ਿਵਰਾਮ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ
ਵੱਡੇ ਕ੍ਰਾਂਤੀਕਾਰੀ ਤੇ ਕਿਤਾਬਾਂ ਦਾ ਜਾਨੂੰਨ
ਸਰਦਾਰ ਭਗਤ ਸਿੰਘ ਜਿੱਥੇ ਇਕ ਵੱਡੇ ਕ੍ਰਾਂਤੀਕਾਰੀ ਸਨ, ਉੱਥੇ ਹੀ ਉਹ ਉੱਘੇ ਵਿਦਵਾਨ ਵੀ ਸਨ। ਉਨ੍ਹਾਂ ਨੇ ਇੰਨੀ ਛੋਟੀ ਉਮਰ 'ਚ ਬਹੁਤ ਵੱਡੀਆਂ ਪੁਲਾਘਾਂ ਭਰੀਆ। ਸਰਦਾਰ ਭਗਤ ਸਿੰਘ ਨੇ ਵਿਦੇਸ਼ੀ ਅਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾ 'ਚ ਅਨੁਵਾਦ ਕਰਨ ਦੇ ਨਾਲ-ਨਾਲ ਖੁ਼ਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਸ਼ੌਕ ਜਾਨੂੰਨੀ ਹੱਦ ਤੱਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਅਤੇ ਪਿਸਤੌਲ ਰੱਖਦੇ ਸਨ।
ਫਾਂਸੀ
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਮੁਕਰਰ ਕੀਤੀ ਗਈ। ਪਰ ਲੋਕਾਂ ਦੀ ਭੀੜ 23 ਮਾਰਚ ਸਵੇਰ ਤੋਂ ਜੇਲ ਦੀ ਗੇਟ ਦੇ ਬਾਹਰ ਇਕੱਠੀ ਹੋਣ ਲੱਗੀ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇੱਕ ਕੋਝੀ ਚਾਲ ਚਲਦਿਆਂ 23 ਮਾਰਚ, 1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ।
ਫਾਂਸੀ ਤੋਂ ਪਹਿਲਾਂ ਜਦੋਂ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਿਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਭਗਤ ਸਿੰਘ ਨੇ ਕਿਹਾ ਰੁਕੋ ਇਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਿਸ ਕਰਮਚਾਰੀਆਂ ਨਾਲ ਤੁਰ ਪਏ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ।
ਇਹ ਵੀ ਪੜੋ: ਸੀਐੱਮ ਮਾਨ ਵੱਲੋਂ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ
ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਭਗਤ ਸਿੰਘ ਨੇ ਆਪਣੇ ਹੋਰਨਾਂ ਦੋ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ 23 ਮਾਰਚ,1931 ਨੂੰ ਹੱਸਦੇ ਹੋਏ ਸ਼ਹੀਦੀ ਦਾ ਜਾਮ ਪੀਤਾ। ਈਟੀਵੀ ਭਾਰਤ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ।