ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਡਿਪੂ ਹੋਲਡਰਾਂ ਦੀਆਂ ਜਾਇਜ਼ ਸ਼ਿਕਾਇਤਾਂ ਦੂਰ ਕਰਨ 'ਚ ਨਾਕਾਮ ਰਹਿਣ ਵਾਲੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਤੁਰੰਤ ਬਰਖਾਸਤ ਕਰਨ, ਕਿਉਂਕਿ ਮੰਤਰੀ ਦੀ ਇਸ ਲਾਪਰਵਾਹੀ ਕਰਕੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 1.4 ਕਰੋੜ ਲੋਕਾਂ ਲਈ ਭੇਜਿਆ ਰਾਸ਼ਨ ਵੰਡਿਆ ਨਹੀਂ ਜਾ ਸਕਿਆ ਹੈ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਖੁਰਾਕ ਅਤੇ ਸਪਲਾਈ ਮੰਤਰੀ ਵੱਲੋਂ ਵਿਖਾਈ ਅਪਰਾਧਿਕ ਲਾਪਰਵਾਹੀ ਨਾਲ ਨਾ ਸਿਰਫ਼ ਦੋ ਡਿਪੂ ਹੋਲਡਰਾਂ ਦੀ ਮੌਤ ਹੋ ਚੁੱਕੀ ਹੈ ਸਗੋਂ ਰਾਸ਼ਨ ਨਾ ਮਿਲਣ ਕਰਕੇ ਗਰੀਬਾਂ ਅਤੇ ਲੋੜਵੰਦਾਂ ਦੀ ਵੀ ਮੰਦੀ ਹਾਲਤ ਹੈ।
ਉਨ੍ਹਾਂ ਕਿਹਾ ਕਿ ਡਿਪੂ ਤੋਂ ਰਾਸ਼ਨ ਨਾ ਮਿਲਣ ਕਰਕੇ ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਨਿਰਾਸ਼ ਹੋ ਕੇ ਆਤਮ ਹੱਤਿਆ ਕਰ ਚੁੱਕਿਆ ਹੈ ਅਤੇ ਇੱਕ ਔਰਤ ਆਪਣਾ ਮਾਨਸਿਕ ਸਤੁੰਲਨ ਗੁਆ ਬੈਠੀ ਹੈ। ਬਰਾੜ ਨੇ ਕਿਹਾ ਕਿ ਡਿਪੂ ਹੋਲਡਰ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਆਪਣਾ ਕਮਿਸ਼ਨ ਤਿਆਗ ਕੇ ਵੀ ਕੇਂਦਰ ਵੱਲੋਂ ਭੇਜਿਆ ਰਾਸ਼ਨ, ਜਿਸ ਵਿੱਚ ਕਣਕ ਅਤੇ ਦਾਲਾਂ ਸ਼ਾਮਿਲ ਹਨ, ਗਰੀਬਾਂ ਨੂੰ ਵੰਡਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ ਨੇ ਸਰਕਾਰ ਕੋਲ ਇਹ ਬੇਨਤੀ ਕੀਤੀ ਹੈ ਕਿ ਉਨ੍ਹਾਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਜੇਕਰ ਰਾਸ਼ਨ ਵੰਡਦਿਆਂ ਕੋਵਿਡ-19 ਨਾਲ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਬੀਮੇ ਦੀ ਰਾਸ਼ੀ ਵਜੋਂ ਦਿੱਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਡਿਪੂਆਂ ਉੱਤੇ ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ, ਭਾਰਤ ਭੂਸ਼ਨ ਆਸ਼ੂ ਨੇ ਡਿਪੂ ਹੋਲਡਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨਾ ਵੀ ਮੁਨਾਸਿਬ ਨਹੀਂ ਸਮਝਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਇੱਕ ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਲੋਕਾਂ ਤੱਕ ਰਾਸ਼ਨ ਜਲਦੀ ਤੋਂ ਜਲਦੀ ਪਹੁੰਚਾਉਣ ਦੀ ਲੋੜ ਹੈ।