ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਵਿਵਾਦਤ ਗੀਤ ਗਾਉਣ ਕਰਕੇ ਵਿਵਾਦਾਂ ਵਿੱਚ ਫੱਸ ਗਏ ਹਨ। ਇਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੂਸੇਵਾਲਾ ਨੇ ਮੰਗਲਵਾਰ ਨੂੰ ਮੁੜ ਤੋਂ ਵਿਦੇਸ਼ੀ ਧਰਤੀ 'ਤੇ ਉਹੀ ਗੀਤ ਦੇ ਬੋਲ ਬੋਲੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਉਸ ਗਾਇਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪ੍ਰੈਸ ਨੋਟ ਜਾਰੀ ਕਰ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਿੱਧੂ ਮੂਸੇਵਾਲਾ ਨੇ ਸਿੱਖ ਇਤਿਹਾਸ ਦੀ ਸਤਿਕਾਰ ਯੋਗ ਸ਼ਖਸੀਅਤ ਮਾਤਾ ਭਾਗ ਕੌਰ ਜੀ ਦਾ ਅਪਮਾਨ ਕੀਤਾ ਹੈ, ਜੋ ਕਿ ਮਾਫ਼ੀ ਯੋਗ ਨਹੀਂ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਮਾਤਾ ਭਾਗ ਕੌਰ ਦੇ ਨਾਂਅ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ 'ਤੇ ਪਰਚਾ ਦਰਜ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਰਾਹੀ ਕਾਰਵਾਈ ਚੱਲ ਰਹੀ ਹੈ, ਪਰ ਅਜੇ ਤੱਕ ਉਸ ਵਿਰੁੱਧ ਕੋਈ ਵੀ ਸਖ਼ਤ ਕਦਮ ਨਹੀਂ ਚੁੱਕੇ ਗਏ ਹਨ।