ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨਾਂ ਅਤੇ ਖੇਤੀ ਖੇਤਰ ਨਾਲ ਸਬੰਧਤ ਆਰਡੀਨੈਂਸਾਂ ਨੇ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕੀਤੀ ਹੋਈ ਹੈ। ਪੰਜਾਬ ਦੀਆਂ ਬਹੁਤੀਆਂ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ। ਇਸ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵੀ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰ ਆਈ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਵਿੱਚ ਇਸ ਦਾ ਐਲਾਨ ਕੀਤਾ ਹੈ।
ਸਿਮਰਜੀਤ ਸਿੰਘ ਬੈਂਸ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਵੱਡਾ ਸੰਘਰਸ਼ ਕਰੇਗੀ। ਉਨ੍ਹਾਂ ਦੱਸਿਆ ਕਿ 22 ਜੂਨ ਤੋਂ ਲੋਕ ਇਨਸਾਫ਼ ਪਾਰਟੀ ਸ੍ਰੀ ਸੱਚਖੰਡ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਇਸ ਸਾਈਕਲ ਰੈਲੀ ਦੇ ਰੂਪ ਵਿੱਚ ਆਰਡੀਨੈਂਸਾਂ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਕਰੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਾਂਗਰਸ ਦੀ ਸਰਕਾਰ ਹੈ ਤੇ ਉਸ ਸਰਕਾਰ ਨੂੰ ਪਹਿਲਾ ਸੰਵਿਧਾਨਕ ਵਿਰੋਧ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਚਾਹੀਦਾ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਨੇ ਵੀ ਇਨ੍ਹਾਂ ਤਿੰਨ ਆਰਡੀਨੈਂਸਾਂ ਵਿਰੁੱਧ 19 ਜੂਨ ਤੋਂ ਜਨ ਅੰਦੋਲਨ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸੇ ਨਾਲ ਹੀ ਕਾਂਗਰਸ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਆਰਡੀਨੈਂਸਾਂ ਦਾ ਵਿਰੋਧ ਕਰਨ ਦੀ ਗੱਲ ਆਖੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਹੜੀਆਂ ਕਿਹੜੀਆਂ ਸਿਆਸੀ ਪਾਰਟੀਆਂ ਇੱਕ ਮੰਚ 'ਤੇ ਆਉਂਦੀਆਂ ਹਨ।