ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਰਫਿਊ ਦੇ ਨਿਯਮ ਦਾ ਪੂਰੀ ਤਰਾਂ ਪਾਲਣ ਕਰਨ ਤੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਨ।
ਉਨ੍ਹਾਂ ਕਿਹਾ ਪੰਜਾਬ ਵਿਚ ਬਤੌਰ ਅਕਾਲੀ ਦਲ ਅਸੀਂ ਮੁੱਖ ਮੰਤਰੀ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਸ ਲੜਾਈ ਵਿੱਚ ਆਪਣੀਆਂ ਸੇਵਾਵਾਂ ਪੇਸ਼ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਘੜੀ ਸਾਡੇ ਵਿਚੋਂ ਕੋਈ ਵੀ ਕਿਸੇ ਸਿਆਸੀ ਪਾਰਟੀ ਦਾ ਨੁਮਾਇੰਦਾ ਨਹੀਂ ਅਸੀਂ ਸਾਰੇ ਪੰਜਾਬੀ ਹਾਂ ਤੇ ਇਸ ਲੜਾਈ ਵਿੱਚ ਸਭ ਮੱਤਭੇਦ ਭੁਲਾ ਕੇ ਇਕ ਹਾਂ।
ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਅਗਵਾਈ ਦੇਣ ਤੇ ਹਸਪਤਾਲਾਂ ਸਮੇਤ ਹਰ ਜਗਹ ਖੁੱਲੇ ਲੰਗਰ ਦਾ ਪ੍ਰਬੰਧ ਯਕੀਨੀ ਬਣਾਏ।
ਅਕਾਲੀ ਦਲ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਵੀ ਆਖਿਆ ਕਿ ਉਹ ਇਸ ਲੜਾਈ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਸ ਸਾਂਝੀ ਚੁਣੌਤੀ ਦੀ ਘੜੀ ਵਿੱਚ ਉਨ੍ਹਾਂ ਸਾਰੇ ਕਦਮਾਂ ਦੀ ਹਮਾਇਤ ਕਰਦੇ ਹਾਂ। ਬਾਦਲ ਨੇ ਹਰ ਘਰ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖ਼ਿਆਲ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸਾਡਾ ਆਪਣੇ ਬਜ਼ੁਰਗਾਂ ਦਾ ਮੁੱਲ ਮੋੜਣ ਦਾ ਸਮਾਂ ਹੈ, ਜਿਨ੍ਹਾਂ ਨੇ ਸਾਡੇ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ।
ਸਾਬਕਾ ਉਪ ਮੁੱਖ ਮੰਤਰੀ ਨੇ ਕੈਨੇਡਾ, ਇਟਲੀ, ਅਮਰੀਕਾ, ਬਰਤਾਨੀਆ, ਸਪੇਨ, ਜਰਮਨੀ ਅਤੇ ਮਿਡਲ ਈਸਟ ਵਿੱਚ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਵਿਦੇਸ਼ਾਂ ਵਿੱਚ ਹਰ ਲੋੜਵੰਦ ਪੰਜਾਬੀ ਦੀ ਬਿਨਾਂ ਕੋਈ ਸਿਆਸੀ ਜਾਂ ਹੋਰ ਵਿਤਕਰਾ ਕੀਤੇ ਹਰ ਸੰਭਵ ਸਹਾਇਤਾ ਕਰਨ। ਉਨ੍ਹਾਂ ਨੇ ਅਕਾਲੀ ਅਹੁਦੇਦਾਰਾਂ ਨੂੰ ਆਖਿਆ ਕਿ ਉਹ ਪੰਜਾਬੀ ਲੋਕਾਂ ਦੀ ਮੱਦਦ ਕਰਨ ਲਈ ਭਾਰਤੀ ਵਿਦੇਸ਼ੀ ਮਿਸ਼ਨਾਂ ਨਾਲ ਤਾਲਮੇਲ ਕਰਨ।