ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ਼ਹਿਰ 'ਚ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ। ਇਸ ਪ੍ਰੈਸ ਕਾਨਫਰੰਸ 'ਚ "ਆਪ" ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ। "ਆਪ" ਆਗੂਆਂ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ।
ਇਸ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਤੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਤੇ ਵਿਧਾਇਕ ਅਮਨ ਅਰੋੜ ਸਣੇ ਕਈ ਆਪ ਆਗੂ ਮੌਜੂਦ ਰਹੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਵਿਧਾਇਕ ਅਮਨ ਅਰੋੜਾ ਨੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਪਾਸੇ ਤਾਂ ਭਾਜਪਾ ਦੇ ਹਿਮਾਇਤੀ ਬਣ ਕੇ ਐਮਪੀਐਸਪੀ ਦੇ ਹੱਕ 'ਚ ਹਨ ਅਤੇ ਦੂਜੇ ਪਾਸੇ ਉਹ ਕਿਸਾਨ ਹਿਤੈਸ਼ੀ ਬਣ ਕੇ ਕਿਸਾਨਾਂ ਨਾਲ ਝੂਠੇ ਵਾਅਦੇ ਕਰਦੇ ਹਨ। ਉਨ੍ਹਾਂ ਕਿਹਾ ਕਿ ਮਹਿਜ਼ ਹਰਸਿਮਰਤ ਕੌਰ ਬਾਦਲ ਦੀ ਇੱਕ ਵਜ਼ੀਰੀ ਨੂੰ ਬਚਾਉਣ ਲਈ ਅਕਾਲੀ ਦਲ ਇਨ੍ਹਾਂ ਘਾਤਕ ਆਰਡੀਨੈਂਸਾਂ ਦਾ ਸਾਥ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਕੁਰਬਾਨੀ ਦੇ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ "ਖੇਤੀ ਆਰਡੀਨੈਂਸਾਂ" ਬਾਰੇ ਇੱਕ ਪੱਤਰ ਲਿੱਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਕੁੱਝ ਪੁਆਂਇੰਟਸ ਦੱਸੇ ਹਨ, ਜਿਸ ਰਾਹੀਂ ਅਸੀਂ ਕਿਸਾਨਾਂ ਨੂੰ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਤੋਂ ਬਚਾ ਸਕਦੇ ਹਾਂ। ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵਿੱਚ ਅਕਾਲੀ ਦਲ ਵੱਲੋਂ ਇੱਕ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਗੱਲੀ ਆਖੀ ਹੈ। ਇਸ ਬਿੱਲ ਰਾਹੀਂ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਦੀ ਫਸਲ ਨੂੰ ਨਿੱਜੀ ਕੰਪਨੀਆਂ ਨਹੀਂ ਖਰੀਦ ਦੀਆਂ ਤਾਂ ਕਿਸਾਨ ਉਸ ਨੂੰ ਵੇਚ ਅੱਗੇ ਵੇਚ ਸਕੇ ਜਾਂ ਫਿਰ ਸਰਕਾਰ ਕਿਸਾਨ ਦੀ ਫਸਲ ਖ਼ਰੀਦੇ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਮਿਲੇ। ਉਨ੍ਹਾਂ ਆਖਿਆ ਕਿ ਜੇਕਰ ਸੁਖਬੀਰ ਬਾਦਲ ਇਹ ਬਿੱਲ ਨਹੀਂ ਲਿਆ ਸਕਦੇ ਤਾਂ ਭਗਵੰਤ ਮਾਨ ਇਹ ਬਿੱਲ ਲਿਆਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੇਕਰ ਅਸਲੀਅਤ 'ਚ ਪੰਜਾਬ ਦੇ ਕਿਸਾਨਾਂ ਦੀ ਬਾਰੇ ਸੋਚਦੇ ਹਨ, ਤਾਂ ਉਹ ਖੁੱਲ ਕੇ ਇਸ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨ।