ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਰੇ ਹਸਪਤਾਲਾਂ ਵਿੱਚ ਇੱਕ-ਇੱਕ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਆਪਣੇ ਸੰਸਦੀ ਕੋਟੇ ਚੋਂ ਇੱਕ ਕਰੋੜ ਰੁਪਏ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਸਮੇਂ ਉਨ੍ਹਾਂ ਨਾਲ ਸਿਆਸੀ ਆਧਾਰ ਉੱਤੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਜਿਹੀ ਰਿਪੋਰਟਾਂ ਸਾਹਮਣੇ ਆਇਆ ਹਨ ਕਿ ਫਿਰੋਜ਼ਪੁਰ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਦੀ ਕਮੀ ਹੈ ਇਸ ਲਈ ਉਨ੍ਹਾਂ ਨੇ ਆਪਣੇ ਸੰਸਦੀ ਕੋਟੇ ਵਿੱਚੋਂ ਮੈਡੀਕਲ ਉਪਕਰਣਾਂ ਲਈ ਪੈਸੇ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਜਾਵੇਗਾ ਜੋ ਕਿ ਸਾਰੇ ਸਰਕਾਰੀ ਹਸਪਤਾਲਾਂ ਵਾਸਤੇ ਵੈਂਟਲੇਟਰਾਂ ਦੀ ਤੁਰੰਤ ਖ਼ਰੀਦ ਦਾ ਪ੍ਰਬੰਧ ਕਰਨਗੇ।
ਇਹ ਵੀ ਪੜ੍ਹੋ:ਸੂਬਾ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਦੇ ਹਿੱਤ 'ਚ ਵੱਡਾ ਫ਼ੈਸਲਾ
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਗਰੀਬਾਂ ਤੇ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਦੇ ਸਮੇਂ ਉਨ੍ਹਾਂ ਨਾਲ ਕੋਈ ਵਿਤਕਰਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਇਸ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਕਾਂਗਰਸੀ ਵਿਧਾਇਕ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮਜ਼ ਦੇ ਨਾਲ ਜਾ ਕੇ ਆਪਣੇ ਸਮਰਥਕਾਂ ਨੂੰ ਰਾਸ਼ਨ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਸੰਕਟ ਦੀ ਸਥਿਤੀ 'ਚ ਅਜਿਹੀ ਕਾਣੀ-ਵੰਡ ਨਾਲ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਰਾਹਤ ਕਾਰਜਾਂ 'ਚ ਸਿਆਸੀਕਰਨ ਨਾ ਕਰਨ ਤੇ ਇਹ ਰਾਸ਼ਨ ਸਭ ਤੋਂ ਵੱਧ ਲੋੜਵੰਦਾਂ ਨੂੰ ਵੰਡਣ। ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਲਈ ਉਹ ਹੈਲਪ ਲਾਇਨਾਂ ਤੇ ਸਮਾਜ ਸੇਵੀ ਸੰਗਠਨਾਂ ਦੀ ਮਦਦ ਲੈ ਸਕਦੇ ਹਨ।
ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਸ ਗੱਲ ਵੱਲ ਵੀ ਧਿਆਨ ਦੇਣ ਲਈ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਐਲਾਨ ਤੇ ਦਿੱਤੇ ਭਰੋਸਿਆਂ ਦੇ ਬਾਵਜੂਦ ਵੀ ਲੋੜਵੰਦਾਂ ਤੱਕ ਰਾਸ਼ਨ ਨਹੀਂ ਪਹੁੰਚ ਰਿਹਾ। ਇਸ ਦੇ ਨਾਲ ਹੀ ਲੋੜਵੰਦਾਂ ਤਕ ਰਾਸ਼ਨ ਪਹੁੰਚਾਉਣ ਲਈ ਉਹਨਾਂ ਨੂੰ ਪਾਰਟੀ ਪੱਧਰ ਅਤੇ ਨਿੱਜੀ ਪੱਧਰ ਉੱਤੇ ਜੀਅ ਤੋੜ ਯਤਨ ਕਰਨੇ ਚਾਹੀਦੇ ਹਨ।