ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਸਾਨਾਂ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।
ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸੇ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ।
ਸੁਖਬੀਰ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੱਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿਆਂ ਤੱਕ ਯਾਦ ਰੱਖਿਆ ਜਾਵੇਗਾ। ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।
ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ. ਡੀ. ਏ. ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।
ਇਹ ਵੀ ਪੜੋ:ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਨਰਸਿੰਗ ਸਟਾਫ਼ ਨੇ ਦਿੱਤਾ ਧਰਨਾ