ਚੰਡੀਗੜ੍ਹ: ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਮੰਗਲਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦਾ ਇੱਕ ਵਫ਼ਦ ਰਾਜਪਾਲ ਵੀਪੀ ਬਦਨੌਰ ਨੂੰ ਮਿਲਿਆ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ 'ਤੇ ਫੇਲ ਹੋ ਚੁੱਕੀ ਹੈ। ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਵੱਲੋਂ ਕੀਤੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਢੀਂਡਸਾ ਨੇ ਕਿਹਾ ਕਿ ਸਰਕਾਰ ਨੇ ਸਿਰਫ਼ ਛੋਟੇ ਅਫ਼ਸਰਾਂ 'ਤੇ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਸ਼ਹਿ ਦੇਣ ਵਾਲੇ ਵੱਡੇ ਅਫ਼ਸਰਾਂ ਤੇ ਆਗੂਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।
ਢੀਂਡਸਾ ਨੇ ਕਿਹਾ ਕਿ ਇੰਨੀ ਵੱਡੀ ਘਟਨਾ ਹੋਣ ਦੇ ਬਾਵਜੂਦ ਪੰਜਾਬ ਦੇ ਮੰਤਰੀ ਪੀੜਤਾਂ ਦੀ ਸਾਰ ਲੈਣ ਨਹੀਂ ਗਏ, ਜਿਸ ਤੋਂ ਸਾਫ਼ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਕੋਈ ਖੋਟ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਮਹਿਲ 'ਚੋਂ ਬਾਹਰ ਨਹੀਂ ਨਿੱਕਲ ਰਹੇ ਤਾਂ ਸੂਬੇ ਵਿੱਚ ਸਰਕਾਰ ਕੌਣ ਚਲਾਵੇਗਾ।