ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੇਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸ ਸੰਬੰਧੀ ਚਿੱਠੀ ਲਿਖੀ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਫਾਰਮ ਆਰਡੀਨੈਂਸਾਂ ਨੂੰ ਖ਼ਤਰਨਾਕ ਕਰਾਰ ਦਿੰਦਿਆਂ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਕਿ ਉਹ ਇਸ ਨੂੰ ਵਾਪਸ ਲੈਣ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਚਿੱਠੀ ਵਿੱਚ ਲਿਖਿਆ ਹੈ ਕਿ ਕਿਵੇਂ ਆਰਡੀਨੈਂਸਾਂ ਨਾਲ ਸੂਬੇ ਦੇ ਕਿਸਾਨਾਂ ਨੂੰ ਨੁਕਸਾਨ ਪਹੁੰਚੇਗਾ।
ਇਸ ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਪਹਿਲਾਂ ਹੀ ਸੂਬੇ ‘ਚ ਕਾਫੀ ਸਿਆਸਤ ਹੋ ਰਹੀ ਹੈ। ਇੱਕ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਕੇਂਦਰ ਵਿੱਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੂੰ ਘੇਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਅਕਾਲੀ ਦਲ ਆਪਣੀ ਪੂਰੀ ਵਾਹ ਲਗਾ ਕੇ ਕਿਸਾਨਾਂ ਨੂੰ ਯਕੀਨ ਦੁਆਉਣ ‘ਚ ਲੱਗੇ ਹਨ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੇਸ਼ਕਸ਼ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਖੇਤੀਬਾੜੀ ਮੰਤਰੀ ਐਨ ਐਸ ਤੋਮਰ ਕੋਲ ਜਾਣ ਲਈ ਤਿਆਰ ਹਨ ਤਾਂ ਕਿ ਉਨ੍ਹਾਂ ਤੋਂ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸ 2020 ਬਾਰੇ ਸਪਸ਼ਟੀਕਰਨ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖੜ੍ਹਾ ਹੈ ਤੇ ਕਦੇ ਵੀ ਜਿਣਸਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਖ਼ਤਮ ਨਹੀਂ ਹੋਣ ਦੇਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਆਰਡੀਨੈਸਾਂ 'ਤੇ ਸੁਖਬੀਰ ਬਾਦਲ ਨੂੰ ਘੇਰਦਿਆ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਹੱਕ 'ਚ ਭੁਗਤ ਕੇ ਸੁਖਬੀਰ ਬਾਦਲ ਨੂੰ ਕਿਸਾਨਾਂ ਪ੍ਰਤੀ ਹੇਜ ਦਿਖਾਉਣ ਦਾ ਕੋਈ ਹੱਕ ਨਹੀਂ ਹੈ।
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਖੇਤੀ ਆਰਡੀਨੈਂਸਾਂ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰ ਕੇ ਪੰਜਾਬ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।