ਚੰਡੀਗੜ੍ਹ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੀ ਸੋਸ਼ਲ ਮੀਡੀਆ ਇੰਚਾਰਜ ਅਲਕਾ ਲਾਂਬਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਡਿਪਟੀ ਸੀਐੱਮ ਵੱਲੋਂ ਵਿਰੋਧੀ ਪਾਰਟੀਆਂ ਨੂੰ ਘੇਰਿਆ ਗਿਆ। ਨਾਲ ਹੀ ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ’ਤੇ ਨਿਸ਼ਾਨੇ ਵੀ ਸਾਧੇ।
ਡਰੱਗ ਮਾਫਿਆ ਖਿਲਾਫ ਸਰਕਾਰ ਸਖਤ-ਰੰਧਾਵਾ
ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਕਿਸੇ ਵੀ ਕੀਮਤ 'ਤੇ ਸਲਾਖਾਂ ਪਿੱਛੇ ਡੱਕੇਗੀ। ਇਸ ਦੇ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਡਰੱਗ ਮਾਫੀਆ ਵਿਰੁੱਧ ਕਿਸੇ ਵੀ ਸੂਰਤ ਵਿੱਚ ਢਿੱਲ ਨਹੀਂ ਦੇਵੇਗੀ। ਅਤੇ ਕਿਸੇ ਵੀ ਹਾਲਤ ਵਿੱਚ, ਨਸ਼ਾ ਕਾਰੋਬਾਰੀਆਂ ਨੂੰ ਆਪਣੇ ਅੰਤ ਤੱਕ ਲੈ ਜਾਵੇਗੀ।
ਕੇਜਰੀਵਾਲ ਨੂੰ ਕੁਝ ਕਹਿਣ ਦਾ ਅਧਿਕਾਰ ਨਹੀਂ- ਰੰਧਾਵਾ
ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਕਾਂਗਰਸ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ 'ਤੇ ਕੇਜਰੀਵਾਲ ਵੱਲੋਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ 2017 ਦੀਆਂ ਚੋਣਾਂ 'ਚ ਬਿਕਰਮ ਸਿੰਘ ਮਜੀਠੀਆ 'ਤੇ ਨਸ਼ੇ ਦਾ ਸੌਦਾਗਰ ਹੋਣ ਦੇ ਦੋਸ਼ ਲਾਏ ਸੀ। ਪਰ ਚੋਣਾਂ ਖਤਮ ਹੋਣ ਤੋਂ ਬਾਅਦ ਉਹ ਦਿੱਲੀ ਚਲੇ ਗਏ ਅਤੇ ਫਿਰ ਅਦਾਲਤ ਵਿੱਚ ਮਜੀਠੀਆ ਦੇ ਮਾਣਹਾਨੀ ਦੇ ਦਾਅਵੇ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਤੋਂ ਮੁਆਫੀਨਾਮਾ ਲਿਖ ਕੇ ਮੁਆਫੀ ਮੰਗ ਲਈ। ਇਸ ਲਈ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੁਝ ਵੀ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਆਮ ਆਦਮੀ ਪਾਰਟੀ ਕਰ ਰਹੀ ਹੈ ਰਾਜਨੀਤੀ-ਰੰਧਾਵਾ
ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਕਰਮ ਸਿੰਘ ਮਜੀਠੀਆ ਦੀ ਲਗਾਤਾਰ ਭਾਲ ਕਰ ਰਹੀ ਹੈ। ਫਿਲਹਾਲ ਉਹ ਪੰਜਾਬ ਦੇ ਅੰਦਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ੍ਰੀ ਹਰਿਮੰਦਰ ਸਾਹਿਬ ਦੀ ਬਿਕਰਮ ਸਿੰਘ ਮਜੀਠੀਆ ਦੀ ਝੂਠੀ ਤਸਵੀਰ ਵਾਇਰਲ ਕਰਕੇ ਇਸ ਮੁੱਦੇ 'ਤੇ ਸਿਰਫ ਰਾਜਨੀਤੀ ਕਰ ਰਹੀ ਹੈ।
ਪੰਜਾਬ ਵਿੱਚੋਂ ਨਸ਼ਾ ਤਸਕਰਾਂ ਨੂੰ ਕੱਢਿਆ ਜਾਵੇਗਾ ਬਾਹਰ- ਅਲਕਾ ਲਾਂਬਾ
ਇਹੀ ਨਹੀਂ ਨੈਸ਼ਨਲ ਕਾਂਗਰਸ ਦੀ ਬੁਲਾਰਾ ਅਲਕਾ ਲਾਂਬਾ ਨੇ ਵੀ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮੁੱਦੇ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਨੂੰ ਬਾਹਰ ਕੱਢੇਗੀ।ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਕੇਜਰੀਵਾਲ ਸਿਰਫ ਬਿਆਨਬਾਜ਼ੀ ਕਰਦੇ ਹਨ ਅਤੇ ਫਿਰ ਮੁਆਫੀਨਾਮਾ ਪੇਸ਼ ਕਰਕੇ ਪਿੱਛੇ ਹਟ ਜਾਂਦੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਤਿੱਖੇ ਸਵਾਲ ਵੀ ਪੁੱਛੇ। ਦਰਅਸਲ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਨਾ ਕਰਨ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ ਅਤੇ ਖਾਸ ਤੌਰ 'ਤੇ ਉਨ੍ਹਾਂ ਦੇ ਨਿਸ਼ਾਨੇ 'ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਨ। ਰੰਧਾਵਾ ਨੇ ਕੱਲ੍ਹ ਸਿੱਧੂ ਦੇ ਬਿਆਨ ਤੋਂ ਬਾਅਦ ਕਿਹਾ ਸੀ ਕਿ ਜੇਕਰ ਉਨ੍ਹਾਂ ਤੋਂ ਅਸਤੀਫਾ ਮੰਗਿਆ ਜਾਂਦਾ ਹੈ ਤਾਂ ਉਹ ਇਸ ਮੁੱਦੇ 'ਤੇ ਵੀ ਅਸਤੀਫਾ ਦੇਣ ਲਈ ਤਿਆਰ ਹਨ। ਇਸ ਦੇ ਨਾਲ ਹੀ ਜਦੋਂ ਮੀਡੀਆ ਨੇ ਉਨ੍ਹਾਂ ਤੋਂ ਅਸਤੀਫਾ ਦੇਣ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਕਿਹਾ ਤਾਂ ਉਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਗੇ।
ਸਿੱਧੂ ਗਲਤ ਬਿਆਨਬਾਜ਼ੀ ਕਰ ਰਹੇ- ਰੰਧਾਵਾ
ਪ੍ਰੈਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੀ ਪਾਰਟੀ ਪ੍ਰਧਾਨ ਵੱਲੋ ਲਾਏ ਜਾ ਰਹੇ ਦੋਸ਼ਾਂ ਨਾਲ ਸਹਿਮਤ ਹਨ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਜੋ ਵੀ ਹੋਵੇ, ਸਰਕਾਰ ਉਸ ਨੂੰ ਸਲਾਖਾਂ ਪਿੱਛੇ ਡੱਕੇਗੀ, ਪਰ ਨਵਜੋਤ ਸਿੰਘ ਸਿੱਧੂ ਜੋ ਕਹਿ ਰਹੇ ਹਨ, ਉਹ ਬਿਲਕੁਲ ਗਲਤ ਹੈ। ਯਾਨੀ ਉਨ੍ਹਾਂ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਦਿਆਂ ਕਿਹਾ ਕਿ ਉਹ ਗਲਤ ਬਿਆਨਬਾਜ਼ੀ ਕਰ ਰਹੇ ਹਨ।
ਇਹ ਵੀ ਪੜੋ: Punjab Assembly elections 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ