ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਬਕਾਰੀ ਨੀਤੀ ਨੂੰ ਲੈ ਕੇ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਕਾਰ ਹੋਈ ਤਲਖੀ ਨੇ ਸੂਬਾ ਸਰਕਾਰ ਦੀ ਪੋਲ ਖੋਲ ਦਿੱਤੀ ਹੈ।
ਭੁਲੱਥ ਤੋਂ ਵਿਧਾਇਕ ਖਹਿਰਾ ਨੇ ਕਿਹਾ ਕਿ ਇਸ ਵਿਵਾਦ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੀ ਕੋਈ ਕਦਰ ਨਹੀਂ ਅਤੇ ਮੁੱਖ ਮੰਤਰੀ ਨੂੰ ਅਫ਼ਸਰਸ਼ਾਹੀ ਪਿਆਰੀ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਰਕਿਨਾਰ ਕਰਕੇ ਅਫ਼ਸਰਾਂ ਨੂੰ ਤਰਜੀਹ ਦੇ ਰਹੇ ਹਨ।
ਇਸ ਤੋਂ ਇਲਾਵਾ ਖਹਿਰਾ ਨੇ ਕਿਹਾ ਕਿ ਕਾਂਗਰਸ ਦੇ 12 ਵਿਧਾਇਕਾਂ ਵੱਲੋਂ ਸੂਬੇ ਵਿੱਚ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦੀ ਸੀਬੀਆਈ ਜਾਂਚ ਦੀ ਮੰਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਵਿਧਾਇਕਾਂ ਨੂੰ ਆਪਣੀ ਏਜੰਸੀਆਂ ਜਿਵੇਂ ਕਿ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ 'ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਸ਼ਰਾਬ ਕਾਰੋਬਾਰ ਦੀ ਸੀਬੀਆਈ ਜਾਂਚ ਦੀ ਮੰਗ ਦਾ ਉਹ ਸਮਰਥਨ ਕਰਦੇ ਹਨ।