ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸਰਤਾਜ ਸਿੰਘ ਨਰੂਲਾ ਨੂੰ ਪੰਜਾਬ ਸਰਕਾਰ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਮਾਮਲੇ ਵਿੱਚ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਐਲਾਨਿਆ ਗਿਆ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਦੀ ਕਿਡਨੈਪਿੰਗ ਦਾ ਮਾਮਲਾ ਦਰਜ ਹੈ। ਇਸ ਮਾਮਲੇ ਦੀ ਐੱਫਆਈਆਰ ਮੋਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਹੈ। ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਲ-ਨਾਲ ਹੋਰ ਪੁਲਿਸ ਅਧਿਕਾਰੀਆਂ ਦੇ ਨਾਂਅ ਵੀ ਇਸ ਮਾਮਲੇ 'ਚ ਸ਼ਾਮਲ ਹਨ।
ਮਸਲਾ ਕੀ ਹੈ?
ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋ ਜਾਣ ਸਬੰਧੀ ਕੇਸ ਦਰਜ ਕੀਤਾ ਹੈ। ਐੱਫ਼ਆਈਆਰ ਮੁਤਾਬਕ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰੀਜ਼ਮ ਕਾਰਪੋਰੇਸ਼ਨ ਵਿੱਚ ਜੂਨੀਅਰ ਇੰਜੀਨੀਅਰ ਸਨ। ਐੱਫ਼ਆਈਆਰ ਵਿੱਚ ਲਿਖਿਆ ਹੈ ਕਿ ਬਲਵੰਤ ਸਿੰਘ ਮੁਲਤਾਨੀ ਮੋਹਾਲੀ ਦੇ ਰਹਿਣ ਵਾਲੇ ਸਨ ਅਤੇ 1991 ਵਿੱਚ ਸੈਣੀ ਜਦੋਂ ਚੰਡੀਗੜ੍ਹ ਦੇ ਐੱਸਐੱਸਪੀ ਸਨ ਤਾਂ ਉਨ੍ਹਾਂ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਲਤਾਨੀ ਨੂੰ ਪੁਲਿਸ ਲੈ ਗਈ ਸੀ। ਇਸ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ ਇੱਕ ਸਪੈਸ਼ਲ ਜਾਂਚ ਟੀਮ ਬਣਾਈ ਗਈ ਤੇ ਇਸ ਦੀ ਜਾਂਚ ਲਗਾਤਾਰ ਜਾਰੀ ਹੈ।