ਚੰਡੀਗੜ੍ਹ: ਸੰਨ 1992 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹਿਰਾਸਤੀ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਲਗਾਤਾਰ ਘਿਰੇ ਹੋਏ ਹਨ। ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਸੈਣੀ ਇਸ ਵੇਲੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੀ ਸ਼ਰਨ ਵਿੱਚ ਹਨ। ਸੈਣੀ ਦੀ ਅਗਾਊਂ ਜ਼ਮਾਨਤ ਅਤੇ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੋਮਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਦੋਵੇਂ ਮਾਮਲਿਆਂ ਵਿੱਚ ਅਦਾਲਤ ਨੇ ਆਪਣਾ ਫੈਸਲਾ 9 ਸਤੰਬਰ (ਮੰਗਲਵਾਰ) ਤੱਕ ਰਾਖਵਾਂ ਰੱਖਿਆ ਹੈ।
ਅਦਾਲਤ ਵਿੱਚ ਹੋਈ ਸੁਣਵਾਈ ਬਾਰੇ ਗੱਲ ਕਰਦੇ ਹੋਏ ਸਰਕਾਰੀ ਵਕੀਲ ਸੁਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਅਦਾਲਤ ਨੇ ਦੋਵੇਂ ਪਟੀਸ਼ਨਾਂ ਦੇ ਮਾਮਲੇ ਵਿੱਚ ਆਪਣੇ ਫੈਸਲੇ ਨੂੰ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਦੀ ਘੜੀ ਸੈਣੀ ਕੋਲ ਗ੍ਰਿਫ਼ਤਾਰੀ ਤੋਂ ਬਚਣ ਲਈ ਕੋਈ ਕਾਨੂੰਨੀ ਰਾਹਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੈਣੀ ਪੱਖ ਨੇ ਅਦਾਲਤ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਮੋਹਾਲੀ ਅਦਾਲਤ ਤੋਂ ਮਿਲੀ ਜ਼ਮਾਨਤ ਨੂੰ ਚਾਲੂ ਰੱਖਿਆ ਜਾਵੇ। ਨਰੂਲਾ ਨੇ ਕਿਹਾ ਸਰਕਾਰੀ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਉਸ ਵੇਲੇ ਵਿਸ਼ੇਸ਼ ਜਾਂਚ ਟੀਮ ਕੋਲ ਐਨੇ ਸਬੂਤ ਇੱਕਠੇ ਨਹੀਂ ਹੋਏ ਸਨ ਪਰ ਇਸ ਵੇਲੇ ਸੈਣੀ ਦੇ ਖ਼ਿਲਾਫ਼ ਬਹੁਤ ਸਬੂਤ ਐੱਸਆਈਟੀ ਕੋਲ ਹਨ।
ਤੁਹਾਨੂੰ ਦੱਸ ਦਈਏ ਕਿ 29 ਸਾਲ ਪੁਰਾਣੇ ਇਸ ਮਾਮਲੇ ਵਿੱਚ ਸੈਣੀ ਇਸ ਵੇਲੇ ਬਹੁਤ ਕਸੂਤੀ ਸਥਿਤੀ ਵਿੱਚ ਫਸੇ ਹੋਏ ਨਜ਼ਰ ਆ ਰਹੇ ਹਨ। ਸੈਣੀ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਕਈ ਦਿਨਾਂ ਤੋਂ ਰੂਪਪੋਸ਼ ਹਨ। ਐੱਸਆਈਟੀ ਉਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਮੰਗਲਵਾਰ ਨੂੰ ਹਾਈ ਕੋਰਟ ਦੇ ਆਉਣ ਵਾਲੇ ਫੈਸਲੇ 'ਤੇ ਟਿਕੀਆਂ ਹੋਈਆਂ ਹਨ।