ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਮਾਮਲੇ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਇਸ ਮਾਮਲੇ ਵਿੱਚ 1 ਨਵੰਬਰ ਨੂੰ ਆਖਰੀ ਫੈਸਲਾ ਸੁਣਾਏਗੀ। ਉਥੇ ਹੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਵਿਚਾਲੇ ਕੇਂਦਰ ਸਰਕਾਰ ਫੈਸਲਾ ਲੈ ਸਕਦੀ ਹੈ। ਉਥੇ ਹੀ ਮਾਮਲੇ ਵਿੱਚ ਕੇਂਦਰ ਨੇ ਆਪਣਾ ਹਲਫ਼ਨਾਮਾ ਦਾਖਲ ਕੀਤਾ ਹੈ। ਕੇਂਦਰ ਨੇ ਕਿਹਾ ਹੈ ਕਿ ਸੁਰੱਖਿਆ ਕਾਰਣਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਿਆ ਹੈ।
ਇਹ ਵੀ ਪੜੋ: ਸਾਬਕਾ ਵਿਧਾਇਕ ਦਾ ਵੱਡਾ ਬਿਆਨ, ਕਿਹਾ ਜੁੱਤੀ ਨਾਲ ਚਲਾਉਣੀ ਪੈਣੀ ਪੰਜਾਬ ਸਰਕਾਰ !
ਹੁਣ ਤਕ ਕੀ ਹੋਇਆ: ਦਰਅਸਲ 31 ਅਗਸਤ 1995 ਵਿੱਚ ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ਵਿੱਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਉੱਤੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ। 1 ਅਗਸਤ 2007 ਨੂੰ ਇਸ ਮਾਮਲੇ ਵਿੱਚ ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਅਤੇ ਰਾਜੋਆਣਾ ਨੇ ਹਾਈਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿੱਚ ਪੈਰਵੀ ਕੀਤੀ।
ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਦੀ ਫਾਂਸੀ 'ਤੇ ਰੋਕ ਲਈ ਚਲਾਈ ਮੁਹਿੰਮ: ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ, ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਫਾਂਸੀ ਦੀ ਸਜ਼ਾ ਮੁਆਫ ਕਰਨ ਲਈ ਤਿੱਖੀ ਮੁਹਿੰਮ ਚਲਾਈ। ਪੂਰੇ ਪੰਜਾਬ ਵਿੱਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ। ਲੋਕਾਂ ਨੇ ਘਰ-ਘਰ ਕੇਸਰੀ ਝੰਡੀਆਂ ਲਗਾ ਕੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ। ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਸਾਥ ਨਹੀਂ ਮਿਲਿਆ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤਾ।
ਜ਼ਿੰਦਾ ਸ਼ਹੀਦ ਐਲਾਨਣ ਮਗਰੋਂ ਰਵਨੀਤ ਬਿੱਟੂ ਨੇ ਕੀਤਾ ਵਿਰੋਧ: ਅਕਾਲ ਤਖ਼ਤ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਜ਼ਿੰਦਾ ਸ਼ਹੀਦ ਦਾ ਸਨਮਾਨ ਵੀ ਦਿੱਤਾ, ਜਿਸ ਨੂੰ ਉਨ੍ਹਾਂ ਨੇ ਲੈਣ ਤੋਂ ਇਨਕਾਰ ਕਰ ਦਿੱਤਾ, ਪਰ ਬਾਅਦ ਵਿੱਚ ਉਨ੍ਹਾਂ ਨੇ ਦਰਜਾ ਸਵੀਕਾਰ ਕਰ ਲਿਆ। ਰਾਜੋਆਣਾ ਨੇ ਕਿਹਾ ਸੀ ਕਿ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਟੀਚੇ ਲਈ ਹੋਰ ਮਜ਼ਬੂਤ ਬਣਾਵੇਗਾ। ਰਾਜੋਆਣਾ ਦੇ ਨਾਲ ਹੀ ਦਿਲਾਵਰ ਸਿੰਘ ਨੂੰ ਵੀ ਜਿੰਦਾ ਸ਼ਹੀਦ ਐਲਾਨਿਆ ਸੀ। ਹਾਲਾਂਕਿ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਵਿਰੋਧ ਵੀ ਕੀਤਾ।
ਰਾਜੋਆਣਾ ਨੇ ਜੇਲ੍ਹ 'ਚ ਕੀਤੀ ਭੁੱਖ ਹੜਤਾਲ: ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਫਾਂਸੀ ਮੁਆਫ਼ੀ ਦੀ ਅਰਜ਼ੀ ਉੱਤੇ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਵਾਪਸ ਕਿਉਂ ਨਹੀਂ ਲੈਂਦੇ ਅਤੇ 2018 ਵਿੱਚ ਉਨ੍ਹਾਂ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕੀਤੀ ਅਤੇ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਖ਼ਤਮ ਕੀਤੀ ਸੀ। ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਇੰਟਰਵਿਊ ਕਰਨ ਆਏ ਸੀਨੀਅਰ ਪੱਤਰਕਾਰ ਤੇ ਮੌਜੂਦਾ ਵਿਧਾਇਕ ਕੰਵਰ ਸੰਧੂ ਉੱਤੇ ਹਮਲੇ ਮੌਕੇ ਵੀ ਸੁਰਖੀਆਂ ਵਿੱਚ ਆਏ ਸਨ।
ਰਾਜੋਆਣਾ ਦੀ ਭੈਣ ਦਾ ਸਿਆਸੀ ਸਫ਼ਰ: ਕੰਵਰ ਸੰਧੂ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਦੀ ਇੰਟਰਵਿਊ ਕੀਤੀ ਸੀ, ਜਿਸ ਬਾਰੇ ਰਾਜੋਆਣਾ ਦਾ ਕਹਿਣਾ ਸੀ ਕਿ ਇਸ ਮੁਲਾਕਾਤ ਵਿੱਚ ਗਲਤ ਤੱਥ ਪੇਸ਼ ਕੀਤੇ ਗਏ ਹਨ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਨੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ ਅਤੇ ਚੋਣ ਲੜੇ ਵੀ ਪਰ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ।
ਇਹ ਵੀ ਪੜੋ: ਦਰਦਨਾਕ ਹਾਦਸਾ, ਦਰੱਖਤ ਡਿੱਗਣ ਕਾਰਨ 2 ਔਰਤਾਂ ਸਮੇਤ ਨਵਜੰਮੇ ਬੱਚੇ ਦੀ ਮੌਤ