ਚੰਡੀਗੜ੍ਹ: ਨਵੇਂ ਸਹਾਇਕ ਪ੍ਰੋਫੈਸਰਾਂ ਦੇ ਤਨਖਾਹ ਸਕੇਲ ਨੇਮਾਂ ਵਿੱਚ ਤਬਦੀਲੀ ਕਰਨ ਦੇ ਫ਼ੈਸਲੇ 'ਤੇ ਪੰਜਾਬ ਯੂਨੀਵਰਸਿਟੀ ਦੇ ਪਰੇਡ ਗਰਾਊਂਡ ਵਿਖੇ ਅਧਿਆਪਕਾਂ ਨੇ ਸੂਬਾ ਪੱਧਰੀ ਰੈਲੀ ਕੀਤੀ। ਸਰਕਾਰ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹ ਕੇ ਅਧਿਆਪਕਾਂ ਨੇ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ ਇੱਕ ਤੱਕ ਰੋਸ ਮੁਜਾਹਰਾ ਕੀਤਾ।
ਪੰਜਾਬ ਵਿਧਾਨ ਸਭਾ ਵੱਲ ਜਾਂਦੇ ਇਨ੍ਹਾਂ ਅਧਿਆਪਕਾਂ ਨੂੰ ਯੂਨੀਵਰਸਿਟੀ ਗੇਟ 'ਤੇ ਰੋਕ ਦਿੱਤਾ ਗਿਆ ਜਿੱਥੇ ਲਗਾਤਾਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੂਟਾ ਦੇ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਨੌਹਰਾ ਨੇ ਦੱਸਿਆ ਕਿ ਪੰਜ ਮੈਂਬਰੀ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਸੌਂਪਿਆ ਹੈ।
ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜਿਸ ਟੀਚਰਜ਼ ਆਰਗੇਨਾਈਜ਼ੇਸ਼ਨ (ਪਫੁਟਕੋ) ਦੇ ਸੱਦੇ ਉਤੇ ਇਹ ਰੈਲੀ ਸੱਦੀ ਗਈ ਸੀ ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ ਵੱਖ ਕਾਲਜਾਂ ਦੀਆਂ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ। ਅਧਿਆਪਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਹਾਇਕ ਪ੍ਰੋਫ਼ੈਸਰਾਂ ਦੇ ਤਨਖਾਹ ਸਕੇਲਾਂ ਬਾਰੇ ਲਿਆ ਗਿਆ ਫ਼ੈਸਲਾ ਭਵਿੱਖ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਨੁਕਸਾਨਦਾਇਕ ਹੋਵੇਗਾ ਇਸ ਕਰਕੇ ਇਸ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ।