ਚੰਡੀਗੜ੍ਹ: ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਚੰਡੀਗੜ੍ਹ ’ਚ ਸਥਿਤ ਸੈਕਟਰ 15 ਦੇ ਕਾਂਗਰਸ ਭਵਨ ਮੂਹਰੇ ਹੱਥਾਂ ’ਚ ਬਦਾਮਾਂ ਦੀਆਂ ਥਾਲੀਆਂ ਫੜ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਈ ਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹ ਸਾਲ 2004 ’ਚ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਦੇ ਸਮੇਂ ਉਹ ਭਰਤੀ ਹੋਏ ਸਨ ਤੇ ਹੁਣ ਤੱਕ ਨਾਨ ਟੀਚਿੰਗ ਸਟਾਫ਼ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਉਹ ਬਦਾਮ ਵੀ ਇਸੇ ਕਾਰਨ ਲੈ ਕੇ ਆਏ ਹਨ ਤਾਂ ਕਿ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਏ ਜਾ ਸਕਣ ਕਿ ਚਾਰ ਸਾਲ ਪਹਿਲਾਂ ਕੈਪਟਨ ਸੰਦੀਪ ਸੰਧੂ ਹੋਰਾਂ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਜਲਦ ਰੈਗੂਲਰ ਕਰ ਦਿੱਤਾ ਜਾਵੇਗਾ ਲੇਕਿਨ ਚਾਰ ਸਾਲ ਬਾਅਦ ਵੀ ਇਨ੍ਹਾਂ ਨੂੰ ਆਪਣੇ ਵਾਅਦੇ ਯਾਦ ਨਹੀਂ ਆ ਰਹੇ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮ ਕਮਲਜੀਤ ਕੌਰ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਕਹੀ ਵੱਡੇ ਪ੍ਰਦਰਸ਼ਨ ਕਰ ਚੁੱਕੇ ਹਨ ਲੇਕਿਨ ਹੁਣ ਤੱਕ ਸਰਕਾਰ ਦੀ ਜਾਗ ਨਹੀਂ ਖੁੱਲ੍ਹੀ। ਵਿੱਤ ਵਿਭਾਗ ਸਣੇ ਸਿੱਖਿਆ ਸਕੱਤਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖਤੀ ਤੌਰ ’ਤੇ ਮਨਜ਼ੂਰੀ ਵੀ ਮਿਲ ਚੁੱਕੀ ਹੈੈ ਲੇਕਿਨ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਇਹ ਫਾਈਲ ਰੋਕੀ ਗਈ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀ ਹਰਪ੍ਰੀਤ ਸਿੰਘ ਨੇ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਰਕਾਰ ਤੋਂ ਵੱਡਾ ਐਡਵੋਕੇਟ ਜਨਰਲ ਨਹੀਂ ਹੋ ਸਕਦਾ। ਇਸ ਮੌਕੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਹੀ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਫਾਈਲ ਰੋਕੀ ਗਈ ਹੈ।
ਗੌਰਤਲੱਬ ਹੈ ਕਿ ਮੁਲਾਜ਼ਮ ਜਥੇਬੰਦੀਆਂ ਸਰਕਾਰ ਖ਼ਿਲਾਫ਼ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ।