ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਬਣਾਏ ਗਏ ਸੀ, ਜਿਸ ਨੂੰ ਲੈਕੇ ਕਿਸਾਨਾਂ ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਧਰਨੇ ਲਗਾਏ ਗਏ ਸੀ। ਇਸ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਵੀ ਗਵਾਈ ਸੀ। ਇਸ ਦੇ ਚੱਲਦਿਆਂ ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਸਹਾਇਤਾ ਰਾਸ਼ੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦੇਣਗੇ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਕਰ ਦਿੱਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।
ਸੰਘਰਸ਼ ਦੌਰਾਨ ਪੰਜਾਬ ਦੇ 600 ਕਿਸਾਨਾਂ ਦੀ ਹੋਈ ਸੀ ਮੌਤ: ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ ਸੀ। ਇਸ ਦੌਰਾਨ 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਨਾਲ ਸਬੰਧ ਰੱਖਦੇ ਸਨ।
ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਪਰ ਇਸ ਦੇ ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।
ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਦੀ ਲੱਗੀ ਡਿਊਟੀ: ਦੂਜੇ ਪਾਸੇ ਸੂਬਾ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਟੈਗੋਰ ਥੀਏਟਰ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸ਼ਾਇਦ ਪਹਿਲੀ ਵਾਰ ਹੈ ਕਿ ਪੰਜਾਬ ਦੇ ਕਿਸੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਇੰਨਾ ਵੱਡਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਕਾਂਗਰਸ ਨੂੰ ਛੱਡ ਬਣਾਇਆ ਜਾ ਰਿਹਾ ਨਵਾਂ ਫਰੰਟ: ਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ 'ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਫਰੰਟ ਬਣਾਇਆ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਇਸ ਵਿੱਚ ਸ਼ਾਮਲ ਨਹੀਂ ਹੈ। ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨੂੰ ਨਾਲ ਮਿਲਾ ਰਹੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।
ਦਿੱਲੀ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਕੀਤਾ ਦੌਰਾ: ਇਸ ਦੇ ਨਾਲ ਹੀ ਬੀਤੇ ਦਿਨੀਂ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਵਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਵੀ ਦੌਰਾ ਕੀਤਾ ਗਿਆ। ਜਿਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਦਿੱਲੀ ਸਕੂਲ ਅਤੇ ਮੁਹੱਲਾ ਕਲੀਨਿਕਾਂ ਦਾ ਦੋਰਾ ਕਰਕੇ ਅਤੇਸ ਸਹੂਲਤਾਂ ਦੇਖ ਕੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਖੁਸ਼ ਹਨ।
ਇਹ ਵੀ ਪੜ੍ਹੋ: ਅਜਨਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਸੀਸੀਟੀਵੀ ਆਈ ਸਾਹਮਣੇ