ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਕੇ ਕੀਤੀ ਬੇਅਦਬੀ ਦਾ ਗੰਭੀਰ ਨੋਟਿਸ ਲਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਜਾਵੇ।
ਇਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਰੇ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਹੈ ਪਰ ਇਸਦੇ ਬਾਵਜੂਦ ਮੌਕੇ ’ਤੇ ਹਾਜ਼ਰ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਧਰਮਸੋਤ ਨੂੰ ਇਸ ਬੱਜ਼ਰ ਗੁਨਾਹ ਲਈ ਨਹੀਂ ਟੋਕਿਆ।
ਅਕਾਲੀ ਆਗੂ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੋਤ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਕੇ ਉਨ੍ਹਾਂ ਦੇ ਧੱਬੇ ਧੋਣ ਦੀ ਕੋਸ਼ਿਸ਼ ਭਾਵੇਂ ਕੀਤੀ ਹੈ ਪਰ ਉਹ ਐਸਸੀ ਸਕਾਲਰਸ਼ਿਪ ਘੁਟਾਲੇ ਦੇ ਮੁੱਖ ਦੋਸ਼ੀ ਹਨ ਤੇ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਵਿੱਚ ਇਹ ਗੱਲ ਸਾਬਤ ਵੀ ਹੋ ਗਈ ਹੈ।
ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੀ ਕਲੀਨ ਚਿੱਟ ਦੇ ਬਦਲੇ ਵਿੱਚ ਮੰਤਰੀ ਧਰਮਸੋਤ ਵੱਲੋਂ ਮੁੱਖ ਮੰਤਰੀ ਦੀ ਖੁਸ਼ਆਮਦੀ ਕਰਨ ਵਾਸਤੇ ਉਨ੍ਹਾਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਅਪਮਾਨ ਹੈ ਜੋ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਅਕਾਲੀ ਦਲ ਦੇ ਬੁਲਾਰੇ ਨੇ ਮੰਗ ਕੀਤੀ ਕਿ ਇਸ ਬੇਅਦਬੀ ਲਈ ਲਈ ਮੰਤਰੀ ਧਰਮਸੋਤ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਮੰਤਰੀ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿੱਚ ਉਨ੍ਹਾਂ ਵਿਰੁੱਧ ਐਫ਼ਆਈਆਰ ਦਰਜ ਕੀਤੀ ਜਾਵੇ।