ਚੰਡੀਗੜ੍ਹ: ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ।
ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ ਵਿਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵੱਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਰਮ ਮੰਨਣ ਦੀ ਆਜਾਦੀ ਅਤੇ ਸ਼ਾਂਤਮਈ ਸਹਿ-ਹੋਂਦ ਦੇ ਦਿੱਤੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ।
ਇਸ ਪਾਵਨ ਦਿਹਾੜੇ ਨੂੰ ਮਾਨਵਤਾ ਅਤੇ ਧਾਰਮਿਕ ਆਜਾਦੀ ਦੀ ਖਾਤਰ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਦੇ ਸੰਦੇਸ਼ ਦੇ ਪਾਸਾਰ ਲਈ ਮੌਕਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਜੀ ਦਾ ਜੀਵਨ ਤੇ ਫਿਲਾਸਫੀ ਸਮੁੱਚੇ ਸੰਸਾਰ ਲਈ ਪ੍ਰੇਰਨਾ ਦਾ ਸਰੋਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਸਾਲ 2004 ਵਿਚ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦਾ 400 ਸਾਲਾ ਮਨਾਉਣ, ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਕ ਯਾਦਗਾਰ ਸਮੇਤ ਅਨੇਕਾਂ ਯਾਦਗਾਰਾਂ ਸਥਾਪਤ ਕਰਨ ਅਤੇ ਫਤਹਿਗੜ੍ਹ ਸਾਹਿਬ ਵਿਖੇ ਕਈ ਯਾਦਗਾਰੀ ਗੇਟ ਉਸਾਰਨ ਦਾ ਸੁਭਾਗ ਹਾਸਲ ਹੋਇਆ।
ਉਨ੍ਹਾਂ ਕਿਹਾ, “ਸਾਨੂੰ ਮੌਜੂਦਾ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਪ੍ਰਾਪਤ ਹੋਈ ਹੈ।“
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਨੂੰ ਮਨੁੱਖਤਾ ਦੀਆਂ ਸੱਚੀਆਂ-ਸੁੱਚੀਆਂ ਰਵਾਇਤਾਂ ਵਿਚ ਗੁਰੂ ਸਾਹਿਬ ਵੱਲੋਂ ਦਿਖਾਏ ਸਚਾਈ ਦੇ ਰਾਹ ਉਤੇ ਚੱਲਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ