ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਨਵੇਂ ਸੀਐੱਮ ਚਿਹਰੇ ਨੂੰ ਲੈਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜੋ ਜਾਣਕਾਰੀ ਸਾਹਮਣੇ ਆਈ ਹੈ ਉਸ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਸੀਐੱਮ ਬਣਾਇਆ ਜਾ ਰਿਹਾ ਹੈ। ਫਿਲਹਾਲ ਅਜੇ ਰਸਮੀ ਤੌਰ ‘ਤੇ ਨਾਮ ਦਾ ਐਲਾਨ ਕਰਨ ਦੀ ਉਡੀਕ ਕੀਤੀ ਜਾ ਰਹੀ ਹੈ।
ਰੰਧਾਵਾ ਦਾ ਸੀਐੱਮ ਨੂੰ ਲੈਕੇ ਨਾਮ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਹਲਚਲ ਤੇਜ਼ ਹੋ ਗਈ ਹੈ। ਵੱਡੀ ਗਿਣਤੀ ਦੇ ਵਿੱਚ ਸਿਆਸੀ ਆਗੂ ਤੇ ਵਿਧਾਇਕ ਉਨ੍ਹਾਂ ਦੇ ਘਰ ਪਹੁੰਚੇ ਰਹੇ ਹਨ। ਕਾਂਗਰਸ ਵਿਧਾਇਕ ਗੁਰਕੀਰਤ ਕੋਟਲੀ ਅਤੇ ਵਿਧਾਇਕ ਕਾਕਾ ਰਣਦੀਪ ਸਿੰਘ ਵੀ ਉਚੇਚੇ ਤੌਰ ਉੱਪਰ ਪਹੁੰਚੇ। ਇਸ ਦੌਰਾਨ ਦੋਵੇਂ ਵਿਧਾਇਕ ਸੀਐੱਮ ਦਾ ਨਾਮ ਲੈਣ ਤੋਂ ਗੁਰੇਜ ਕਰਦੇ ਹੀ ਵਿਖਾਈ ਦਿੱਤੇ।
ਵਿਧਾਇਕ ਗੁਰਕੀਰਤ ਕੋਟਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸੀਐੱਮ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਦੇ ਲਈ ਵੱਡੀਆਂ ਚੁਣੌਤੀਆਂ ਖੜ੍ਹੀਆਂ ਹੋਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਹੋਵੇਗਾ ਤਾਂ ਹੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਤੋਂ ਮੀਡੀਆ ਵੱਲੋਂ ਸੀਐੱਮ ਚਿਹਰੇ ਨੂੰ ਲੈਕੇ ਪੁੱਛਿਆ ਗਿਆ ਕਿ ਰੰਧਾਵਾ ਨੂੰ ਸੀਐੱਮ ਬਣਾ ਦਿੱਤਾ ਗਿਆ ਹੈ ਜਾਂ ਨਹੀਂ ਤਾਂ ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਜਿਸ ਕਰਕੇ ਉਹ ਇਸ ਉੱਤੇ ਕੁਝ ਵੀ ਨਹੀਂ ਕਹਿ ਸਕਦੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵੀ ਸੀਐੱਮ ਬਣਾਇਆ ਜਾਵੇਗਾ ਉਸਦਾ ਸਵਾਗਤ ਕਰਨਗੇ।
ਓਧਰ ਦੂਜੇ ਪਾਸੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜੋ ਹਾਈਕਮਾਂਡ ਦੇ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ ਉਹ ਸਾਰਿਆਂ ਨੂੰ ਸਵੀਕਾਰ ਹੋਵੇਗਾ।