ਚੰਡੀਗੜ੍ਹ: ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਰਕਾਰੀ ਨੌਕਰੀ ਦੇ ਲਾਰਿਆਂ ਸਹਾਰੇ ਡੰਗ ਟਪਾ ਰਹੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਬੁੱਧਵਾਰ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਾਏ ਲਾਰਿਆਂ ਨੂੰ ਅਸੀਂ ਅਮਲੀ-ਜਾਮਾ ਪਹਿਨਾਇਆ ਹੈ ਅਤੇ ਮੈਨੂੰ ਇਸ ਗੱਲ ਦਾ ਬਹੁਤ ਮਾਣ ਹੈ ਕਿ ਅਸੀਂ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ‘‘ਜਦੋਂ ਮੈਂ ਇਨ੍ਹਾਂ ਖਿਡਾਰੀਆਂ ਦੀ ਨਿਯੁਕਤੀ ਸਬੰਧੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਪੇਸ਼ ਕੀਤੀ ਤਾਂ ਉਨ੍ਹਾਂ ਨੇ ਫੌਰੀ ਇਸ ਨੂੰ ਪ੍ਰਵਾਨਗੀ ਦੇ ਦਿੱਤੀ।’’ ਉਨ੍ਹਾਂ ਅੱਗੇ ਕਿਹਾ ਕਿ ਇੰਨਾ ਜ਼ਰੂਰ ਹੈ ਕਿ ਮੈਡੀਕਲ ਪੱਖੋਂ ਕੁੁੱਝ ਘਾਟਾਂ, ਵੱਧ ਉਮਰ ਅਤੇ ਦਸਤਾਵੇਜ਼ੀ ਊਣਤਾਈਆਂ ਕਾਰਨ ਨਿਯੁਕਤੀ ਪ੍ਰਕਿਰਿਆ ਨੇਪਰੇ ਚੜ੍ਹਨ ਵਿੱਚ ਕੁੱਝ ਦੇਰੀ ਜ਼ਰੂਰ ਹੋਈ ਹੈੈ।