ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਲੈਕੇ ਸੋਸ਼ਲ ਮੀਡੀਆ ਦੀ ਵਰਤੋ ਕੀਤੀ ਜਾਵੇਗੀ। ਇਨਾਂ ਗੱਲਾਂ ਦਾ ਪ੍ਰਗਟਾਵਾ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁੱਲ ਦਾ ਕੰਮ ਕਰਦਾ ਹੈ, ਜੋ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਏ ਫ਼ੈਸਲਿਆਂ ਦਾ ਅਖ਼ਬਾਰਾਂ, ਟੀ.ਵੀ., ਰੇਡੀਓ ਰਾਹੀਂ ਪ੍ਰਚਾਰ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਦਿਨੋਂ- ਦਿਨ ਸੂਚਨਾ ਤਕਨਾਲੋਜੀ ਸਦਕੇ ਪ੍ਰਚਾਰ ਸਾਧਨਾਂ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ।
ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਤੁਰੰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਹਨਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ।

ਇਹ ਵੀ ਪੜ੍ਹੋ:ਪੈਗਾਸਸ ਜਾਸੂਸੀ ਮਾਮਲਾ: ਮਨੁੱਖੀ ਅਧਿਕਾਰਾਂ ਦੇ ਇਸ ਵਕੀਲ ਦਾ ਫੋਨ ਵੀ ਹੋਇਆ ਟੈਪ !
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ‘ਤੇ ਐਲ.ਐਫ.ਡੀ. ਸਥਾਪਿਤ ਕੀਤੀਆਂ ਗਈਆਂ ਹਨ। ਇਹ ਐਲ.ਐਫ.ਡੀਜ਼. ਸਥਾਪਿਤ ਕਰਨ ਦਾ ਕਾਰਜ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।
ਵਧੀਕ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੇਨੂੰ ਦੁੱਗਲ, ਆਈ.ਏ.ਐਸ. ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਵਿੱਚ ਸਰਕਾਰ ਵੱਲੋਂ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਅਤੇ ਐਡਵਾਇਜ਼ਰੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸੰਭਵ ਹੋ ਸਕਿਆ ਹੈ।