ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਿਹਾ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਮੁੱਦੇ ਨੂੰ ਹਲ ਕਰਨ ਲਈ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਵੱਲੋਂ ਹੁਣ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਰੈਲੀ ਕੀਤੀ ਜਾਣੀ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੇ ਤਿਆਰੀਆਂ ਕਰ ਲਈਆਂ ਹਨ।
ਹਜ਼ਾਰਾਂ ਦੀ ਤਦਾਦ ਵਿੱਚ ਪੰਜਾਬ ਤੋਂ ਟਰੈਕਟਰ ਹੋਣਗੇ ਰਵਾਨਾ
26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨਾਂ ਵਿੱਚ ਜੋਸ਼ ਬਰਕਰਾਰ ਹੈ। ਮਾਰਚ ਨੂੰ ਲੈ ਕੇ ਅੱਜ ਪੰਜਾਬ ਦੇ ਕਈ ਪਿੰਡਾਂ, ਸ਼ਹਿਰਾਂ ਤੋਂ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨ ਆਪਣੇ ਟਰੈਕਟਰ ਰਾਹੀਂ ਰਾਜਧਾਨੀ ਦਿੱਲੀ ਲਈ ਰਵਾਨਾ ਹੋਣਗੇ।
ਕਿਸਾਨਾਂ ਆਗੂਆਂ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਪਣਾ ਸਟੈਂਡ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਅਤੇ ਅਸੀ ਹੁਣ ਵੀ ਆਪਣੇ ਸਟੈਂਡ ‘ਤੇ ਕਾਇਮ ਹਾਂ। ਸਾਨੂੰ ਤਿੰਨੋਂ ਕਾਨੂੰਨ ਰੱਦ ਕਰਨ ਤੋਂ ਘੱਟ ਕੁਝ ਵੀ ਮੰਨਜ਼ੂਰ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਅਸੀਂ ਕੇਂਦਰ ਸਰਕਾਰ ਦੀ ਪੇਸ਼ਕਸ ‘ਤੇ ਪਹਿਲਾਂ ਹੀ ਚਰਚਾ ਕਰ ਚੁੱਕੇ ਹਾਂ, ਇਸ ਲਈ ਮੁੜ ਚਰਚਾ ਕਰਨ ਦਾ ਕੋਈ ਤੁਕ ਨਹੀਂ ਬਣਦਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਅਸੀਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।