ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ 19 ਅਕਤੂਬਰ ਨੂੰ ਹੋ ਜਾਣ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਕੈਬਿਨੇਟ ਦੀ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਦੁਪਹਿਰ ਦੇ ਖਾਣੇ 'ਤੇ ਵੀ ਸੱਦਿਆ ਹੈ।
ਮੁੱਖ ਮੰਤਰੀ ਨੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਭਵਨ ਵਿੱਚ ਦੁਪਹਿਰ 1.30 ਵਜੇ ਖਾਣੇ 'ਤੇ ਬੁਲਾਇਆ ਹੈ। ਇਸ ਮਗਰੋਂ 2:30 ਵਜੇ ਮੁੱਖ ਮੰਤਰੀ ਸਾਰੇ ਹੀ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਵੀ ਕਰਨਗੇ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਰਣਨੀਤੀ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਸ ਮਗਰੋਂ ਸ਼ਾਮ ਨੂੰ 4 ਵਜੇ ਪੰਜਾਬ ਸਕੱਤਰੇਤ ਵਿੱਚ ਸੂਬਾ ਵਜ਼ਾਰਤ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਵੇਗੀ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਮਨਸੂਖ ਕਰਨ ਲਈ ਲਿਆਂਦੇ ਜਾਣ ਵਾਲੇ ਬਿੱਲ 'ਤੇ ਚਰਚਾ ਹੋਵੇਗੀ ਅਤੇ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।