ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 425 ਤੱਕ ਪਹੁੰਚ ਗਈ ਹੈ। ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਜਾਂਚ ਤੋਂ ਬਾਅਦ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਉਥੋਂ ਆਏ ਸ਼ਰਧਾਲੂਆਂ ਨਾਲ ਸਬੰਧਤ ਵੀਰਵਾਰ ਨੂੰ 34 ਨਵੇਂ ਮਾਮਲੇ ਸਾਹਮਣੇ ਆਏ ਹਨ।
ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਹਜ਼ੂਰ ਸਾਹਿਬ ਤੋਂ ਆਏ 266 ਸ਼ਰਧਾਲੂਆਂ ਦੇ ਜੱਥੇ ਦੀ ਮੈਡੀਕਲ ਜਾਂਚ ਕਰਵਾਈ ਗਈ ਜਿੰਨਾਂ ਵਿੱਚੋਂ 23 ਮਰੀਜ਼ ਪੌਜ਼ੀਟਿਵ ਪਾਏ ਗਏ ਹਨ। ਅੰਮ੍ਰਿਤਸਰ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ। ਜਲੰਧਰ ਵਿੱਚ ਵੀ ਇੱਕ ਵਿਅਕਤੀ ਕੋਰੋਨਾ ਪੌਜ਼ੀਟਿਵ ਆਇਆ ਹੈ, ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 89 ਹੋ ਗਈ ਹੈ।
ਉਧਰ ਤਰਨ ਤਾਰਨ ਵਿਖੇ ਹਜੂਰ ਸਾਹਿਬ ਤੋਂ ਆਏ ਜੱਥੇ ਵਿੱਚੋਂ ਹੀ 7 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਵਿੱਚ ਹਜ਼ੂਰ ਸਾਹਿਬ ਤੋਂ ਆਉਣ ਵਾਲੇ 3 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 2 ਗੁਰੂਹਰਸਹਾਏ ਰੋਡ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ ਅਤੇ ਇੱਕ ਨੌਜਵਾਨ ਪਿੰਡ ਕਾਉਣੀ ਨਾਲ ਸਬੰਧਿਤ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 31 ਲੱਖ ਤੋਂ ਪਾਰ, 2 ਲੱਖ 27 ਹਜ਼ਾਰ ਮੌਤਾਂ
ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਜ਼ੂਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਦਾ ਉਪਰਾਲਾ ਕੀਤਾ ਗਿਆ ਸੀ। ਉਨ੍ਹਾਂ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਤੋਂ ਬਾਅਦ ਨਿਗਰਾਨੀ ਹੇਠ ਕੁਆਰੰਟੀਨ ਵਿੱਚ ਰੱਖਿਆ ਗਿਆ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਈ ਸ਼ਰਧਾਲੂ ਕੋਰੋਨਾ ਪੌਜ਼ੀਟਿਵ ਆ ਰਹੇ ਹਨ, ਜਿਸ ਕਰਕੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।