ਚੰਡੀਗੜ੍ਹ: ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਵਿੱਚ ਪ੍ਰੈੱਸਵਾਰਤਾ ਕਰ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਾਣ ਬੁੱਝਕੇ ਦੇਸ਼ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਵਿੱਚ ਜਾਣ ਤੋਂ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਜਦਕਿ ਜਮਹੂਰੀਅਤ ਮੁਲਕ ਵਿੱਚ ਅਜਿਹਾ ਕਰਨਾ ਗ਼ੈਰ ਵਾਜਬ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਉਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਆਪਣੇ ਹਮਾਇਤੀਆਂ ਸਮੇਤ ਸ਼ੰਭੂ ਬਾਰਡਰ ਰਾਹੀਂ ਦਿੱਲੀ ਵੱਲ ਕਿਸਾਨਾਂ ਦੀ ਹਮਾਇਤ ਵਿੱਚ ਕੂਚ ਕਰਨਗੇ ਅਤੇ ਕਿਸਾਨ ਧਰਨੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ ।
ਕੈਪਟਨ ਸਰਕਾਰ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਾਸਤੇ ਪੰਜਾਬ ਸਰਕਾਰ ਨੇ ਬਹੁਤ ਘੱਟ ਬਜਟ ਰੱਖਿਆ ਹੈ, ਜਦਕਿ ਪੰਜਾਬ ਦੀ ਆਰਥਿਕਤਾ ਜ਼ਿਆਦਾਤਰ ਖੇਤੀ ਉੱਤੇ ਨਿਰਭਰ ਹੈ।