ਚੰਡੀਗੜ੍ਹ: ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਚੱਲ ਰਹੀ ਤਾਲਾਬੰਦੀ ਦੌਰਾਨ ਪੰਜਾਬ ਨੂੰ ਰਾਜ ਵਿੱਚ ਸ਼ਰਾਬ ਵੇਚਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਲਿਖਿਆ ਸੀ।
ਇਸ ਪੱਤਰ ਚ ਉਨ੍ਹਾਂ ਸੂਬੇ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਮੰਗੀ ਸੀ। ਮੁੱਖ ਮੰਤਰੀ ਨੇ ਇਹ ਮੰਗ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੇ ਘਟ ਰਹੇ ਮਾਲੀਏ ਦਾ ਹਵਾਲਾ ਦਿੰਦਿਆਂ ਕੀਤੀ ਸੀ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸ਼ਰਾਬ ਦੇ ਠੇਕੇ ਖੋਲ੍ਹ ਕੇ ਮਾਲੀਆ ਇਕੱਤਰ ਕੀਤਾ ਜਾਵੇਗਾ।
ਇਸ ਨਾਲ ਰਾਜ ਸਰਕਾਰ ਨੂੰ ਰੋਜ਼ਾਨਾ ਖਰਚਿਆਂ ਨੂੰ ਪੂਰਾ ਕਰਨ ਵਿੱਚ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਦੇ ਕਾਰਨ ਰਾਜ ਲਈ ਰਾਹਤ ਪੈਕੇਜ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 289 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 65 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਮਹਾਂਮਾਰੀ ਕਾਰਨ 17 ਲੋਕ ਆਪਣੀ ਜਾਨ ਗੁਆ ਚੁੱਕੇ ਹਨ।