ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਨ੍ਹਾਂ ਆਰਡੀਨੈਸਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਕੇਂਦਰ 'ਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਆਰਡੀਨੈਸਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਅਲੱਗ-ਥਲੱਗ ਨਜ਼ਰ ਆ ਰਿਹਾ ਹੈ। ਇਨ੍ਹਾਂ ਆਰਡੀਨੈਸਾਂ ਨੂੰ ਲੈ ਕੇ ਕੇਂਦਰੀ ਕੈਬਿਨੇਟ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ।
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਖੇਤੀ ਜਿਣਸਾਂ ਦੀ ਵੇਚ ਅਤੇ ਖ਼ਰੀਦ ਨੂੰ ਲੈ ਕੇ ਸਾਲ ਪਾਸ ਕੀਤੇ ਕਾਨੂੰਨ ਨੂੰ ਲੈ ਕੇ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਆਪਣੇ ਸੋਸ਼ਲ ਮੀਡੀਆ 'ਤੇ ਜਾਰੀ ਇੱਕ ਵੀਡੀਓ ਵਿੱਚ ਬੀਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸਰਕਾਰ ਵੱਲੋਂ ਪਾਸ ਕਾਨੂੰਨ ਅਤੇ ਇਨ੍ਹਾਂ ਕਥਿਤ ਕਿਸਾਨ ਮਾਰੂ ਆਰਡੀਨੈਸਾਂ ਵਿੱਚ ਫਰਕ ਵਿਖਾ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇਨ੍ਹਾਂ ਆਰਡੀਨੈਂਸਾਂ ਦੇ ਮੁੱਦੇ 'ਤੇ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ। ਇਸ ਤੋਂ ਇਲਾਵਾ ਬੀਬੀ ਬਾਦਲ ਨੇ ਪੰਜਾਬ ਸਰਕਾਰ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ, ਨਕਲੀ ਬੀਜ ਘੁਟਾਲੇ ਆਦਿ 'ਤੇ ਘੇਰਣ ਦੀ ਕੋਸ਼ਿਸ਼ ਕੀਤੀ ਹੈ।
ਇੱਥੇ ਇਹ ਵੀ ਵਰਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸਰਪਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕੈਪਟਨ ਸਰਕਾਰ 'ਤੇ ਇਸੇ ਤਰ੍ਹਾਂ ਦੇ ਦੋਸ਼ ਲਗਾਏ ਸਨ। ਇਸ ਸਾਰੇ ਮੁੱਦੇ ਨੂੰ ਲੈ ਕੇ ਕਿਤੇ ਨਾ ਕਿਤੇ ਅਕਾਲੀ ਦਲ ਵੀ ਆਪਸ ਵਿੱਚ ਵੰਡਿਆ ਹੋਇਆ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਇੱਕ ਸਾਂਝੀ ਲੜਾਈ ਦਾ ਸੱਦਾ ਦਿੱਤਾ ਸੀ।
ਹੁਣ ਇੱਥੇ ਸਵਾਲ ਇਹ ਖੜਾ ਹੁੰਦਾ ਹੈ ਕਿ ਬੀਬੀ ਬਾਦਲ ਅਤੇ ਉਨ੍ਹਾਂ ਦਾ ਦਲ ਆਪਣੇ ਸੀਨੀਅਰ ਆਗੂਆਂ ਨੂੰ ਵੀ ਗੁਮਹਾਰ ਹੋਣ ਤੋਂ ਨਹੀਂ ਬਚਾ ਪਾ ਰਿਹਾ ਹੈ। ਕੀ ਬੀਬੀ ਬਾਦਲ ਕੈਪਟਨ ਸਰਕਾਰ 'ਤੇ ਤੌਹਮਤਬਾਜ਼ੀ ਨੂੰ ਛੱਡ ਪਹਿਲਾਂ ਆਪਣੇ ਘਰ ਵਿਚਲੇ ਸੀਨੀਅਰ ਆਗੂਆਂ ਨੂੰ ਇਸ ਮਾਮਲੇ 'ਤੇ ਭਰੋਸੇ 'ਚ ਲੈ ਸਕਦੇ ਹਨ? ਇਸ ਸਾਰੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਖ਼ਾਸਕਰ ਬਾਦਲ ਪਰਿਵਾਰ ਅਤੇ ਪੰਜਾਬ ਦੀ ਸਿਆਸਤ ਵਿੱਚ ਅਲੱਗ-ਥਲੱਗ ਨਜ਼ਰ ਆ ਰਿਹਾ ਹੈ।