ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਸੂਬੇ ਦੀ ਕਾਂਗਰਸ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਮਾਮਲੇ ਵਿੱਚ ਸੂਬਾ ਸਰਕਾਰ ਦੀ ਜਾਂਚ ਕਮੇਟੀ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਸੂਬੇ ਭਰ ਦੇ ਵਿੱਚ ਸੰਤ ਸਮਾਜ ਸਣੇ ਦਲਿਤ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਚੱਲਦਿਆਂ ਯੂਨਾਈਟਿਡ ਅਕਾਲੀ ਦਲ ਵੱਲੋਂ ਸੈਕਟਰ 17 ਵਿਖੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸੇ ਨਾਲ ਹੀ ਅਕਾਲੀ ਦਲ ਨੇ ਹਾਥਰਸ ਦੀ ਘਟਨਾ ਨੂੰ ਲੈ ਕੇ ਯੋਗੀ ਸਰਕਾਰ ਦੇ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਪੰਜ ਮੈਂਬਰੀ ਵਫ਼ਦ ਨੂੰ ਗਵਰਨਰ ਹਾਊਸ ਲਿਜਾਇਆ ਗਿਆ ਜਿੱਥੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਅਤੇ ਸੰਤ ਸਮਾਜ ਦੇ ਆਗੂਆਂ ਵੱਲੋਂ ਗਵਰਨਰ ਹਾਊਸ ਸਬੰਧਤ ਅਧਿਕਾਰੀਆਂ ਨੂੰ ਆਪਣਾ ਮੈਮੋਰੰਡਮ ਦਿੱਤਾ ਗਿਆ।
ਮੈਮੋਰੰਡਮ ਦੇਣ ਤੋਂ ਬਾਅਦ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸੰਤ ਸਮਾਜ ਦੇ ਸੁਨੇਹੇ 'ਤੇ ਉਹ ਅੱਗੇ ਵੀ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਕੀਤੇ ਗਏ ਘੁਟਾਲੇ ਅਤੇ ਕਾਂਗਰਸ ਸਰਕਾਰ ਦੇ ਵਿੱਚ ਸਾਧੂ ਸਿੰਘ ਧਰਮਸੋਤ ਵੱਲੋਂ ਐਸਸੀ ਬੀਸੀ ਵਿਦਿਆਰਥੀਆਂ ਦੇ ਵਜ਼ੀਫ਼ੇ 'ਚ ਕੀਤੇ ਗਏ ਘੁਟਾਲੇ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।