ਚੰਡੀਗੜ੍ਹ: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਇੱਕ ਵਾਰ ਮੁੜ ਤੋਂ ਹਿੰਸਾ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕੁੱਝ ਦਿਨ ਪਹਿਲਾਂ ਕੈਂਪਸ ਅੰਦਰ ਵੜ ਕੇ ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ ਗਈ ਸੀ। ਬੀਤੇ ਐਤਵਾਰ ਨੂੰ ਨਕਾਬਪੋਸ਼ ਨੌਜਵਾਨਾਂ ਵੱਲੋਂ ਮੁੜ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਹਮਲਾ ਕੀਤਾ ਗਿਆ, ਜਿਸ ਦਾ ਵਿਰੋਧ ਪੂਰੇ ਦੇਸ਼ ਭਰ ਵਿੱਚ ਵੇਖਣ ਨੂੰ ਮਿਲ ਰਿਹਾ। ਇਸ ਬਾਰੇ ਈਟੀਵੀ ਭਾਰਤ ਨਾਲ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਖ਼ਾਸ ਗੱਲਬਾਤ ਕੀਤੀ।
ਇਸ ਮਾਮਲੇ 'ਚ ਹਰਪਾਲ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਹਮਲੇ ਦੀ ਨਿੰਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਚੋਣਾਂ ਹੋਣ ਵਾਲੀਆਂ ਨੇ ਜਿਸ ਦੇ ਚੱਲਦੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦਾ ਕੰਮ ਬੀਜੇਪੀ ਵੱਲੋਂ ਕੀਤਾ ਜਾ ਰਿਹਾ ਹੈ। ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਇਲਜ਼ਾਮ ਲਾਉਂਦੇ ਹੋਏ ਚੀਮਾ ਨੇ ਕਿਹਾ ਕਿ ਜੇਐੱਨਯੂ ਹਮਲੇ ਵਿੱਚ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਹ ਦੀ ਸ਼ਹਿ ਤੋਂ ਬਿਨਾਂ ਜੇਐਨਯੂ ਵਿੱਚ ਇਹ ਹਮਲਾ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ 'ਚ ਆਪਣੀ ਹਾਰ ਵੇਖ ਦੇਸ਼ ਦਾ ਮਾਹੌਲ ਵਿਦਿਆਰਥੀਆਂ ਨਾਲ ਕੁੱਟਮਾਰ ਕਰਕੇ ਖ਼ਰਾਬ ਕਰਨਾ ਚਾਹੁੰਦੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਯਕੀਨ ਹੈ ਕਿ ਅਮਿਤ ਸ਼ਾਹ ਵੱਲੋਂ ਜੇਕਰ ਜਾਂਚ ਕਰਵਾਈ ਜਾਂਦੀ ਹੈ ਤਾਂ ਉਹ ਨਿਰਪੱਖ ਨਹੀਂ ਹੋਵੇਗੀ। ਇਸ ਲਈ ਉਹ ਆਮ ਆਦਮੀ ਪਾਰਟੀ ਵੱਲੋਂ ਇਹ ਮੰਗ ਕਰਦੇ ਹਨ, ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਵੱਲੋਂ ਕਰਵਾਈ ਜਾਏ।