ਚੰਡੀਗੜ੍ਹ: ਵਿਸ਼ਵ ਹਿੰਦੂ ਪਰੀਸ਼ਦ ਵੱਲੋਂ ਹਿੰਦੂ ਨੇਤਾ ਕਮਲੇਸ਼ ਤਿਵਾੜੀ ਦੇ ਕਤਲ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਹਿੰਦੂ ਨੇਤਾਵਾਂ ਲਈ ਵਿਸ਼ੇਸ਼ ਤੌਰ 'ਤੇ ਸੁਰੱਖਿਆ ਦੀ ਮੰਗ ਕੀਤੀ ਗਈ ਹੈ।
ਵਿਸ਼ਵ ਹਿੰਦੂ ਪਰੀਸ਼ਦ ਵੱਲੋਂ ਸੈਕਟਰ 29-30 ਦੇ ਲਾਈਟ ਪੁਆਇੰਟ 'ਤੇ ਜੇਹਾਦੀ ਅੱਤਵਾਦ ਦਾ ਪੁਤਲਾ ਸਾੜ ਕੇ ਨੇਤਾ ਕਮਲੇਸ਼ ਤਿਵਾੜੀ ਦੇ ਕਤਲ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਬਾਰੇ ਦੱਸਦੇ ਹੋਏ ਵਿਸ਼ਵ ਹਿੰਦੂ ਪਰੀਸ਼ਦ ਦੇ ਪ੍ਰਧਾਨ ਕਰਨਲ ਧਰਮਬੀਰ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਹਿੰਦੂ ਨੇਤਾਵਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਹਿੰਦੂ ਨੇਤਾਵਾਂ ਨੂੰ ਸੁਰੱਖਿਆ ਨਾ ਦੇਣ ਦਾ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਫ਼ੌਜੀ ਜਵਾਨਾਂ ਵੱਲੋਂ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਅੰਦਰੂਨੀ ਹਾਲਾਤ ਬੇਹਦ ਤਰਸਯੋਗ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਣਗਿਹਲੀ ਕਾਰਨ ਨੇਤਾ ਕਮਲੇਸ਼ ਤਿਵਾੜੀ ਦਾ ਕਤਲ ਹੋਇਆ। ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਪਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਦਿੱਤੀ।
ਇਹ ਵੀ ਪੜ੍ਹੋ :ਜ਼ਿਮਨੀ ਚੋਣਾਂ 'ਚ ਅਕਾਲੀ ਦਲ ਨੂੰ ਮਿਲੇਗੀ ਕਰਾਰੀ ਹਾਰ: ਧਰਮਸੋਤ
ਵਿਸ਼ਵ ਹਿੰਦੂ ਪਰੀਸ਼ਦ ਵੱਲੋਂ ਨੇਤਾ ਕਮਲੇਸ਼ ਤਿਵਾੜੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਦੇ ਲਈ ਉਨ੍ਹਾਂ ਨੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਜਾਵੇਗਾ।