ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਰਕਾਰ ਨੂੰ ਘੇਰਨ ਵਾਸਤੇ ਵਿਰੋਧੀਆਂ ਨੇ ਕਮਰ ਕਸ ਲਈ ਹੈ। ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਵਿਧਾਇਕ ਦਲ ਦੀ ਬੈਠਕ ਕਰ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ ਕੀਤੀ ਗਈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਉੇਤੇ ਫੇਲ੍ਹ ਰਹੀ ਹੈ, ਤੇ ਨਾ ਕੈਪਟਨ ਸਰਕਾਰ ਨੇੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ। ਸਰਕਾਰ ਖ਼ਜ਼ਾਨਾ ਖਾਲੀ ਹੋਣ ਦਾ ਢੰਡੋਰਾ ਪਿੱਟਦਿਆਂ ਪਿਛਲੇ ਚਾਰ ਸਾਲਾਂ ਤੋਂ ਵੱਧ ਤੋਂ ਵੱਧ ਟੈਕਸ ਲਾ ਪੰਜਾਬ ਵਾਸੀਆਂ ਦਾ ਕੰਚੂਮਰ ਕੱਢਣ ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਕੀਤੇ ਵਾਅਦੇ ਸਰਕਾਰ ਨੇ ਪੂਰੇ ਨਹੀਂ ਕੀਤੇ, ਮੁਲਾਜ਼ਮਾਂ ਨੂੰ 6ਵੇਂ ਪੇ ਕਮੀਸ਼ਨ ਦੇ ਬੈਨੀਫਿਟ ਬਕਾਇਆ ਪਏ ਹਨ, ਅਧਿਆਪਕ ਹਰ ਰੋਜ਼ ਸਰਕਾਰ ਦੇ ਖਿਲਾਫ਼ ਧਰਨੇ ਲਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਸਿਹਤ ਖ਼ੁਦ ਬੀਮਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਮੁੱਦਿਆਂ ਉਤੇ ਸਰਕਾਰ ਨੂੰ ਘੇਰਿਆ ਜਾਵੇਗਾ ਅਤੇ ਜਵਾਬ ਮੰਗਿਆ ਜਾਵੇਗਾ।
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਘੇਰਾਂਗੇ
ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੱਲ੍ਹ ਕੇਂਦਰ ਸਰਕਾਰ ਵੱਲੋਂ ਲਗਾਤਾਰ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਰਾਜਪਾਲ ਵੀਪੀ ਬਦਨੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਕਾਂਗਰਸ ਦੇ ਇਸ ਧਰਨੇ ਤੇ ਨਿਸ਼ਾਨਾ ਸਾਧਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜਿਸ ਤਰੀਕੇ ਨਾਲ ਪੈਟਰੋਲ ਡੀਜ਼ਲ ਦੇ ਰੇਟ ਵਧਾਉਂਦੀ ਹੈ ਉਸੇ ਤਰ੍ਹਾਂ ਕੈਪਟਨ ਸਰਕਾਰ ਵੈਟ ਵਧਾ ਦਿੰਦੀ ਹੈ। ਕੈਪਟਨ ਸਰਕਾਰ ਨੇ ਹੁਣ ਤੱਕ 14 ਵਾਰ ਬਿਜਲੀ ਦੇ ਰੇਟ ਵਧਾਏ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵਿਧਾਨ ਸਭਾ ਵਿੱਚ ਘੇਰੇਗੀ।
ਹਰਪਾਲ ਚੀਮਾ ਨੇ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਖ਼ੁਦ ਚਿੱਠੀ ਲਿਖੀ ਸੀ। ਖੇਤੀ ਕਾਨੂੰਨਾਂ ਬਾਰੇ ਬਣਾੀ ਗਈ ਕਮੇਟੀ ਦਾ ਮੈਂਬਰ ਹੋਣ ਦੇ ਨਾਤੇ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੋਈ ਵੀ ਆਵਾਜ਼ ਨਹੀਂ ਚੁੱਕੀ ਅਤੇ ਹੁਣ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਵੀਪੀ ਬਦਨੌਰ ਦੇ ਭਾਸ਼ਣ ਤੋਂ ਬਾਅਦ ਨਵੇਂ ਖੇਤੀ ਕਾਨੂੰਨ ਜੋ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰ ਕੇ ਰਾਜਪਾਲ ਨੂੰ ਭੇਜੇ ਗਏ ਸਨ ਉਹ ਰਾਸ਼ਟਰਪਤੀ ਨੂੰ ਕਿਉਂ ਨਹੀਂ ਭੇਜੇ ਗਏ ਉਸ ਬਾਰੇ ਵੀ ਪੁੱਛਿਆ ਜਾਵੇਗਾ ।