ਚੰਡੀਗੜ੍ਹ: ਕੈਪਟਨ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸਰਕਾਰ ਵੱਲੋਂ ਇਕ ਸਮਾਗਮ ਕਰਾਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ 3 ਸਾਲ ਦੀ ਕਾਰਗੁਜ਼ਾਰੀ ਬਾਰੇ ਚਾਨ੍ਹਣ ਪਾਇਆ।
ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਹ ਸਿੱਧੂ ਨੂੰ ਉਦੋਂ ਦਾ ਜਾਣਦੇ ਹਨ, ਜਦ ਸਿੱਧੂ ਦੀ ਉਮਰ ਮਹਿਜ਼ 2 ਸਾਲ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨਵਜੋਤ ਸਿੱਧੂ ਦੇ ਪਿਤਾ ਨਾਵ ਬੜੇ ਕਰੀਬ ਤੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸੀ ਹਨ ਤੇ ਉਨ੍ਹਾਂ ਕਾਂਗਰਸ ਵਿੱਚ ਰਹਿਣ ਦਾ ਮਨ ਬਣਾਇਆ ਹੈ।
ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਸਿੱਧੂ ਸਾਡੀ ਟੀਮ ਦਾ ਹਿੱਸਾ ਹਨ, ਜੋ ਵੀ ਉਹ ਕਰਨਾ ਚਾਹੁੰਦੇ ਹਨ ਉਨ੍ਹਾਂ ਦੀ ਇੱਛਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਤੇ ਹੱਲ ਕੱਢਿਆ ਜਾਵੇਗਾ।
ਦੱਸਣਯੋਗ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਕੈਪਟਨ ਸਰਕਾਰ ਵੱਲੋਂ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਲਈ ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪ੍ਰਨੀਤ ਕੌਰ, ਸੁਨੀਲ ਜਾਖੜ, ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਵਿਜੇ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਆਸ਼ਾ ਕੁਮਾਰੀ ਆਦਿ ਮੁੱਖ ਤੌਰ 'ਤੇ ਪਹੁੰਚੇ।