ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਅਤੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਆਪਣੇ ਅਸਤੀਫ਼ੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਪੱਤਰ ਲਿਖਿਆ ਹੈ।
ਕੇਪੀ ਸਿੰਘ ਨੂੰ ਲਿਖੇ ਪੱਤਰ 'ਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਅਕਤੂਬਰ 2018 'ਚ ਦਿੱਤੇ ਅਸਤੀਫ਼ੇ ਨੂੰ ਜਲਦ ਮਨਜ਼ੂਰ ਕੀਤਾ ਜਾਵੇ, ਨਹੀਂ ਤਾਂ ਉਨ੍ਹਾਂ ਨੂੰ ਮਜਬੂਰਨ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।
ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਫੂਲਕਾ ਨੇ ਕਿਹਾ ਸੀ ਕਿ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਜਿਸ ਤੋਂ ਬਾਅਦ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ 12 ਅਕਤੂਬਰ ਨੂੰ ਫੂਲਕਾ ਨੇ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਪੱਤਰ ਸਪੀਕਰ ਨੂੰ ਭੇਜ ਦਿੱਤਾ ਸੀ। ਸਪੀਕਰ ਵੱਲੋਂ ਹੁਣ ਤੱਕ ਫੂਲਕਾ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਹੈ।