ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਸੀਏਏ ਤੇ ਕੇਂਦਰ ਦੀਆਂ ਵਿਵਾਦਪੂਰਨ ਕਾਰਵਾਈਆਂ ਵਿਰੁੱਧ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ ਪਰ ਕਿਸੇ ਵੀ ਕੀਮਤ 'ਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤੀ ਜਾਵੇਗੀ।
ਜਨਵਰੀ 1 ਨੂੰ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਸੀਏੇਏ, ਐਨਆਰਸੀ ਤੇ ਐਨਪੀਆਰ ਵਿਰੁੱਧ ਸੂਬਾ ਪੱਧਰੀ ਧਰਨੇ ਦੇ ਐਲਾਨ ਨੂੰ ਮੁੱਖ ਰੱਖਦਿਆਂ ਕੈਪਟਨ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਲੋਕਤਾਂਤ੍ਰਿਕ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਆਰੰਭੇ ਗਏ ਕਾਨੂੰਨ ਵਿਭਾਜਨਵਾਦੀ ਅਤੇ ਪੱਖਪਾਤੀ ਹਨ। ਕੈਪਟਨ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਸੀਏਏ ਵਿਰੋਧੀ ਧਰਨੇ ਦੌਰਾਨ ਉਨ੍ਹਾਂ ਇਹ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਵੇਗੀ, ਇਸ ਲਈ ਇਸ ਕਾਨੂੰਨ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਰੋਕਣ ਦਾ ਸਵਾਲ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਦਿਆਰਥੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਂਦੇ ਉਦੋਂ ਤੱਕ ਪੁਲਿਸ ਵੱਲੋਂ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਿਆ ਜਾਵੇਗਾ।
ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਘਟਨਾ ਤੇ ਜਨਤਕ ਜਾਇਦਾਦ ਦਾ ਨੁਕਸਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀ ਆਗੂਆਂ ਨੂੰ ਸਤਰਕ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪ੍ਰਦਰਸ਼ਨ ਸ਼ਾਂਤਮਈ ਰਹਿਣ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਵਿੱਚ ਵੜਨ ਨਾ ਦਿੱਤਾ ਜਾਵੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦਿਨ ਭਰ ਯੂਨੀਵਰਸਿਟੀ ਕੈਂਪਸਾਂ ਦੇ ਆਸ ਪਾਸ ਅਤੇ ਸੂਬੇ ਦੇ ਹੋਰ ਸੰਵੇਦਨਸ਼ੀਲ ਖੇਤਰਾਂ ਅਤੇ ਜਨਤਕ ਥਾਵਾਂ 'ਤੇ ਦਿਨ ਭਰ ਸਖ਼ਤ ਨਜ਼ਰ ਰੱਖੇਗੀ।