ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਤੋਂ ਜੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਪੂਰਨ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੇਂਦਰ ਦੇ ਇਸ ਕਦਮ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ।
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡਾ. ਚੀਮਾ ਨੇ ਕਿਹਾ ਕੇਂਦਰ ਸਰਕਾਰ ਦਾ ਇਹ ਕਦਮ ਨਿਰੋਲ ਸਿਆਸਤ ਤੋਂ ਪ੍ਰੇਰਤ ਹੈ। ਡਾ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਕਲਾਕਾਰਾਂ ਨੂੰ ਸੁਰੱਖਿਆ ਦੇ ਸਕਦੀ ਹੈ ਪਰ ਇੱਕ ਸਰਗਮਰ ਸਿਆਸੀ ਆਗੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਉਨ੍ਹਾਂ ਨੇ ਇਸ ਫੈਸਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮਜੀਠੀਆ ਨੂੰ 10 ਸਾਲ ਤੋਂ ਕਾਂਗਰਸ ਸਰਕਾਰ ਨੇ ਸੁਰੱਖਿਆ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਅਚਾਨਕ ਇਸ ਤਰ੍ਹਾਂ ਸੁਰੱਖਿਆ ਵਾਪਸ ਲੈਣ, ਇਸ ਤੋਂ ਇਹ ਸਿਆਸਤ ਤੋਂ ਹੀ ਪ੍ਰੇਰਤ ਲੱਗਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿਆਸੀ ਤੌਰ 'ਤੇ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਇਹ ਬਹੁਤ ਖ਼ਤਰਨਾਕ ਹੋਵੇਗਾ।
ਡਾ.ਦਲਜੀਤ ਚੀਮਾ ਨੇ ਕਿਹਾ ਕਿ ਜੇਕਰ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਮਜੀਠੀਆ ਨਾਲ ਕੋਈ ਅਣਹੋਣੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਤੁਹਾਡਾ ਵਿਰੋਧੀ ਹੈ ਤਾਂ ਤੁਸੀਂ ਆਪਣੇ ਸਾਰੇ ਵਿਰੋਧੀਆਂ ਦੀ ਸੁਰੱਖਿਆ ਵਾਪਸ ਲੈ ਕੇ ਉਸ ਨੂੰ ਮਰਵਾ ਦਿਓ ਗਏ?
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਇੱਕ ਸੱਜਰੀ ਚਿੱਠੀ ਰਾਹੀਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਵਾਪਸ ਕਰ ਲਿਆ ਹੈ। ਮਜੀਠੀਆ ਦੀ ਸੁਰੱਖਿਆ ਵਿੱਚ ਸੀਆਈਐਸਐਫ਼ ਦੇ 30-40 ਜਵਾਨਾਂ ਦਾ ਸੁਰੱਖਿਆ ਦਸਤਾ ਤਾਇਨਤਾ ਹੈ। ਫਿਲਹਾਲ ਮਜੀਠੀਆ ਕੋਲ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਕਾਇਮ ਹੈ।