ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਚੋਣ ਨਹੀਂ ਲੜਨਗੇ। ਇਸ ਦੌਰਾਨ ਉਨ੍ਹਾਂ ਨੇ ਚੋਣ ਲੜ ਰਹੇ 22 ਕਿਸਾਨ ਜਥੇਬੰਦੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸਿਸਟਮ ਨੂੰ ਸੁਧਾਰਨਾ ਹੈ ਤਾਂ ਚੋਣਾਂ ਲੜ ਕੇ ਨਹੀਂ ਸੁਧਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿਸਾਨ ਜਥੇਬੰਦੀਆਂ ਦੀ ਵੱਡੀ ਭੁੱਲ ਹੈ ਕਿ ਸਿਸਟਮ ਦੇ ਅੰਦਰ ਜਾ ਕੇ ਸਿਸਟਮ ਠੀਕ ਕਰਨਗੇ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਇਸ ਲਈ ਸਫਲ ਹੋਇਆ ਹੈ ਕਿਉਂਕਿ ਅਸੀਂ ਸਿਆਸੀ ਪਾਰਟੀਆਂ ਨੂੰ ਅੰਦੋਲਨ ਤੋਂ ਦੂਰ ਰੱਖਿਆ ਅਤੇ ਜਾਤ-ਪਾਤ ਦੇ ਆਧਾਰ 'ਤੇ ਵੰਡਣ ਨਹੀਂ ਦਿੱਤਾ। ਉਗਾਰਾਹਾਂ ਨੇ ਦੱਸਿਆ ਕਿ ਕਿਸਾਨ ਆਗੂ ਪਿਛਲੇ ਸਮੇਂ ਵਿੱਚ ਚੋਣਾਂ ਲੜ ਚੁੱਕੇ ਹਨ ਪਰ ਉਹ ਸਿਸਟਮ ਨੂੰ ਸੁਧਾਰ ਨਹੀਂ ਸਕੇ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਨੇ ਕਦੇ ਵੀ ਆਪਣੀ ਯੂਨੀਅਨ ਨਾਲ ਜੁੜੇ ਲੋਕਾਂ ਨੂੰ ਕਿਸੇ ਇੱਕ ਨੂੰ ਵੋਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ।
ਉਨ੍ਹਾਂ ਜਾਣਕਾਰੀ ਦਿੱਤੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ 15 ਜਨਵਰੀ ਨੂੰ ਮੀਟਿੰਗ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨਾਲ 15 ਨੂੰ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਲਈ ਉਨ੍ਹਾਂ ਕੋਈ ਸੱਦਾ ਨਹੀਂ ਮਿਲਿਆ ਹੈ। ਉਗਰਾਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਕਿਸਾਨਾਂ ਉੱਤੇ ਮਾੜਾ ਅਸਰ ਪੈਣਾ ਸੀ। ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਾਰਲੀਮੈਂਟ ਵਿਚ ਕਿਸਾਨਾਂ ਦੇ ਹਿੱਤ ਬਾਰੇ ਕੋਈ ਖਿਆਲ ਨਹੀਂ ਕਰਦਾ।
ਇਹ ਵੀ ਪੜ੍ਹੋ: Sonu Sood Exclusive: ਸਿਆਸਤ ਤੋਂ ਪਰਹੇਜ਼ ਨਹੀਂ, ਛੱਤ 'ਤੇ ਖੜਾ ਹੋ ਕੇ ਕਰਾਂਗਾ ਐਲਾਨ