ਚੰਡੀਗੜ੍ਹ: ਯੂਥ ਅਕਾਲੀ ਦਲ ਨੇ ਬੁੱਧਵਾਰ ਨੂੰ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਸਾੜੇ ਅਤੇ ਮੰਗ ਕੀਤੀ ਕਿ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦਲਿਤ ਵਿਦਿਆਰਥੀਆਂ ਦੇ ਭਵਿੱਖ ਦੀ ਕੀਮਤ 'ਤੇ ਮੰਤਰੀ ਦਾ ਬਚਾਅ ਨਾ ਕਰਨ।
ਰੋਮਾਣਾ ਨੇ ਮੋਹਾਲੀ ਵਿੱਚ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਕੀਤੀ ਅਤੇ ਧਰਮਸੋਤ ਵਿਰੁੱਧ ਨਾਅਰੇ ਲਗਾਏ ਕਿ 'ਕੈਪਟਨ ਦਾ ਸਾਧੂ ਚੋਰ ਹੈ'। ਇਸ ਮੌਕੇ ਰੋਮਾਣਾ ਨੇ ਕਿਹਾ ਕਿ ਇਹ ਕਿਹੋ ਜਿਹਾ ਨਿਆਂ ਹੈ ਜਦੋਂ ਧਰਮਸੋਤ ਵੱਲੋਂ ਐਸ ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ 69 ਕਰੋੜ ਰੁਪਏ ਦਾ ਘੁਟਾਲਾ ਕਰਨ ਅਤੇ 309 ਕਰੋੜ ਰੁਪਏ ਦੀ ਵੰਡ ਰੋਕਣ ਤੇ 811 ਕਰੋੜ ਰੁਪਏ ਦੀ ਗਲਤ ਤਰੀਕੇ ਵੰਡ ਕੀਤੇ ਜਾਣ ਦੀ ਰਿਪੋਰਟ ਮਿਲ ਗਈ ਗਈ ਹੈ ਪਰ ਫਿਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਵੇਰਵੇ ਸਾਂਝੇ ਕਰਦਿਆਂ ਰੋਮਾਣਾ ਨੇ ਕਿਹਾ ਕਿ ਐਡੀਸ਼ਨਲ ਚੀਫ ਸੈਕਟਰੀ, ਜੋ ਕਿ ਐਸ ਸੀ ਭਲਾਈ ਵਿਭਾਗ ਦੇ ਇੰਚਾਰਜ ਹਨ, ਨੇ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਸੀ ਜਿਸਨੇ ਰਿਪੋਰਟ ਸੌਂਪੀ ਹੈ ਕਿ ਮੰਤਰੀ ਦੇ ਕਹਿਣ 'ਤੇ ਜਾਰੀ ਕੀਤੇ ਗਏ 39 ਕਰੋੜ ਰੁਪਏ ਦਾ ਕੋਈ ਰਿਕਾਰਡ ਮੌਜੂਦ ਨਹੀਂ ਹੈ ਜਦਕਿ 24 ਕਰੋੜ ਰੁਪਏ ਧਰਮਸੋਤ ਨੇ ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਜਾਰੀ ਕੀਤੇ ਹਨ ਜਿਨ੍ਹਾਂ ਖ਼ਿਲਾਫ਼ ਪਿਛਲੀ ਵਸੂਲੀ ਹਾਲੇ ਬਾਕੀ ਹੈ।
ਉਨ੍ਹਾਂ ਕਿਹਾ ਕਿ ਮੰਤਰੀ ਦੇ ਖ਼ਿਲਾਫ਼ ਇਸ ਤੱਥਾਂ 'ਤੇ ਆਧਾਰਿਤ ਰਿਪੋਰਟ ਦੇ ਬਾਵਜੂਦ ਮੁੱਖ ਮੰਤਰੀ ਨੇ ਧਰਮਸੋਤ ਨੂੰ ਕਲੀਨ ਚਿੱਟ ਦਿੰਦਿਆਂ ਇਸ ਦੀ ਜਾਂਚ ਮੁੱਖ ਸਕੱਤਰ ਨੂੰ ਸੌਂਪ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਹੁਣ ਮੁੱਖ ਸਕੱਤਰ ਕਿਸਦੀ ਜਾਂਚ ਕਰਨਗੇ ? ਉਨ੍ਹਾਂ ਕਿਹਾ ਕਿ ਅਸੀਂ ਇਸ ਜਾਂਚ ਨੂੰ ਰੱਦ ਕਰਦੇ ਹਾਂ ਤੇ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਫਿਰ ਅਸੀਂ ਇਸ ਚੋਰ ਦੇ ਖਿਲਾਫ ਸੰਘਰਸ਼ ਹੋਰ ਤੇਜ਼ ਕਰਾਂਗੇ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਧਰਮਸੋਤ ਦਾ ਬਚਾਅ ਕਰ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ ਤੇ ਧਰਮਸੋਤ ਦਾ ਬਚਾਅ ਸਿਰਫ ਇਸ ਲਈ ਕਰ ਰਹੇ ਹਨ ਕਿ ਉਹ ਉਨ੍ਹਾਂ ਦੀ ਹਾਂ ਵਿਚ ਹਾਂ ਮਿਲਾਉਂਦਾ ਹੈ ਤੇ ਪਟਿਆਲਾ ਜ਼ਿਲ੍ਹੇ ਤੋਂ ਹੈ।