ਸ੍ਰੀ ਫਤਿਹਗੜ੍ਹ ਸਾਹਿਬ: ਪੁਲਿਸ ਵੱਲੋਂ ਨਸ਼ਾ ਤਸਕਰੀ 'ਤੇ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਫਤਿਹਗੜ੍ਹ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਦੋ ਬਜ਼ੁਰਗ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਡੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਪਿੰਡ ਚੋਰਵਾਲਾ ਵਿਖੇ ਨਾਕਾਬੰਦੀ ਦੌਰਾਨ ਦੋਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਤੇ ਜਾਨਕੀ ਪ੍ਰਸਾਦ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਬਜ਼ੁਰਗ ਹਨ ਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ। ਨਾਕੇਬੰਦੀ ਦੇ ਦੌਰਾਨ ਦੋਹਾਂ ਮੁਲਜ਼ਮਾਂ ਕੋਲੋਂ 4 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ ਤੇ ਇਸ ਦੇ ਲਈ ਉਨ੍ਹਾਂ ਨੂੰ 8 ਸਾਲ ਦੀ ਸਜ਼ਾ ਹੋਈ ਸੀ, ਉਹ 4 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਬਾਹਰ ਆਏ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕਾਰਵਾਈ ਜਾਰੀ ਹੈ।