ਸ੍ਰੀ ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ 'ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੀਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਭਾਵਾਂ ਦਾ ਆਯੋਜਨ ਕੀਤਾ ਗਿਆ ਹੈ। ਐਸਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਨ੍ਹਾਂ ਸ਼ਹੀਦੀ ਸਭਾਵਾਂ ਲਈ ਪ੍ਰਸ਼ਾਸਨ ਤੇ ਐਸਜੀਪੀਸੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਾਗੀਰ ਕੌਰ ਨੇ ਦੱਸਿਆ ਕਿ ਇਸ ਵਾਰ ਇਹ ਸ਼ਹੀਦੀ ਸਭਾਵਾਂ 25, 26 ਤੇ 27 ਦਸੰਬਰ ਨੂੰ ਹੋਣਗੀਆਂ। ਇਸ ਸ਼ਹੀਦੀ ਸਭਾਵਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੀਆਂ ਬਾਬਾ ਫ਼ਤਿਹ ਸਿੰਘ, ਬਾਬਾ ਜੋਰਾਵਾਰ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸਮਾਗਮ ਸਾਡੇ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜੇ ਰੱਖਣ 'ਚ ਮਦਦਗਾਰ ਸਾਬਿਤ ਹੁੰਦੇ ਹਨ।
ਇਸ ਦੌਰਾਨ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦੇ ਹੋਏ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਅੱਜ ਐਸਜੀਪੀਸੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਤੇ ਐਸਜੀਪੀਸੀ ਵੱਲੋਂ ਇਨ੍ਹਾਂ ਸ਼ਹੀਦੀ ਸਭਾਵਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦੂਰੋਂ ਆਉਣ ਵਾਲੀ ਸੰਗਤਾਂ ਲਈ ਠਹਿਰਣ ਤੇ ਲੰਗਰ ਦਾ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 350 ਲੰਗਰ ਲਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਐਸਜੀਪੀਸੀ ਵੱਲੋਂ ਸੀਸੀਟੀਵੀ ਕੈਮਰੇ, ਲੰਗਰ ਅਤੇ ਪਾਰਕਿੰਗ ਦੀ ਵਿਸ਼ੇਸ਼ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਐਸਜੀਪੀਸੀ ਦੇ ਵੱਲੋਂ ਪੂਰਨ ਤੌਰ ਤੇ ਸਹਿਯੋਗ ਦਿੱਤਾ ਜਾਵੇਗਾ ਅਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਜੋ ਵੀ ਸੰਗਤ ਲੰਗਰ ਲਗਾਵੇਗੀ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ ਉਸ ਤੋਂ ਬਾਅਦ ਹੀ ਉਹ ਲੰਗਰ ਵਰਤਾ ਸਕਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਵਾਰ 26 ਦਸੰਬਰ ਵਾਲੇ ਦਿਨ ਮਹਿਲਾ ਸੰਮੇਲਨ ਕਰਵਾਇਆ ਜਾਵੇਗਾ। ਜਿਸ 'ਚ ਬੀਬੀਆਂ ਤੇ ਬੱਚਿਆਂ ਕੀਰਤਨ ਕਰਨਗੀਆਂ ਤੇ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦੇਣਗੀਆਂ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੂੰਹ ਢੱਕ ਕੇ ਰੱਖਣ ਤੇ ਸਮਾਜਿਕ ਦੂਰੀ ਕਾਇਮ ਰੱਖਣ ਦੀ ਅਪੀਲ ਕੀਤੀ।