ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਜਦੋਂ ਵੀ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੁੰਦਾ ਹੈ ਤਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਲੋਕਾਂ ਨਾਲ ਕਈ ਵਾਅਦੇ ਕੀਤੇ ਜਾਂਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਸਰਕਾਰ ਦਾ ਆਖਰੀ ਬਜਟ ਪੇਸ਼ ਕਰਨਗੇ। ਪੰਜਾਬ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਲੋਕਾਂ ਸਣੇ ਉਦਯੋਗਪਤੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ।ਈਟੀਵੀ ਭਾਰਤ ਨੇ ਉਦਯੋਗਪਤੀਆਂ ਨਾਲ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਤੇ ਸਰਕਾਰ ਦੇ ਵਾਅਦੇ ਮੁਤਾਬਤ ਬਿਜਲੀ ਮਿਲਣ ਸਬੰਧੀ ਖ਼ਾਸ ਗੱਲਬਾਤ ਕੀਤੀ।
ਦੱਸਣਯੋਗ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੱਲੋਂ ਪੰਜਾਬ ਸਰਕਾਰ ਦਾ ਪੰਜਵਾਂ ਤੇ ਅਖੀਰਲਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਬਜਟ ਨਾਲ ਲੋਕਾਂ ਨੂੰ ਰਾਹਤ ਮਿਲਦੀ ਹੈ ਜਾਂ ਨਹੀਂ ਇਹ 5 ਮਾਰਚ ਨੂੰ ਹੀ ਪਤਾ ਚੱਲੇਗਾ।
ਪੰਜਾਬ ਸਰਕਾਰ ਵੱਲੋਂ ਬਿਜਲੀ ਸਬੰਧੀ ਵਾਅਦੇ ਪੂਰੇ ਕਰਨ ਬਾਰੇ ਦੱਸਦੇ ਹੋਏ ਸਟੀਲ ਸਿਟੀ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਜਿੰਦਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਜਟ ਤੋਂ ਕੁੱਝ ਜ਼ਿਆਦਾ ਉਮੀਦ ਨਹੀਂ ਹੈ ਕਿਉਂਕਿ ਪਹਿਲਾਂ ਵੀ ਜੋ ਵਾਅਦੇ ਕੀਤੇ ਗਏ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਗੱਲ ਆਖੀ ਗਈ ਸੀ, ਪਰ ਅੱਜ ਤਕ ਉਨ੍ਹਾਂ ਨੂੰ ਪੰਜ ਰੁਪਏ ਯੂਨਿਟ ਬਿਜਲੀ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ 'ਤੇ ਵਾਧੂ ਬੋਝ ਪੈ ਰਿਹਾ ਹੈ ਸਰਕਾਰ ਵੱਲੋਂ ਬਿਜਲੀ ਉੱਤੇ ਟੈਕਸ ਲਗਾ ਕੇ ਇਸ ਨੂੰ ਮਹਿੰਗਾ ਕੀਤਾ ਗਿਆ। ਸਰਕਾਰ ਨੂੰ ਇਹੀ ਅਪੀਲ ਕਰਦੇ ਹਾਂ ਕਿ ਉਹ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਕਰਨ ਤਾਂ ਜੋ ਇੰਡਸਟਰੀ ਚੱਲ ਸਕੇ।
ਇਸ ਸਬੰਧੀ ਫਰਨੇਸ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਮਹਿੰਦਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾਖਿਲਾਫੀ ਕੀਤੀ ਹੈ। ਪੰਜਾਬ ਸਰਕਾਰ ਨੇ ਪੰਜ ਰੁਪਏ ਯੂਨਿਟ ਬਿਜਲੀ ਦੇਣ ਦੀ ਗੱਲ ਆਖੀ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਪੰਜ ਰੁਪਏ ਯੂਨਿਟ ਬਿਜਲੀ ਨਹੀਂ ਮਿਲੀ। ਬਲਕਿ ਬਿਜਲੀ ਬਿੱਲਾਂ 'ਤੇ ਡੂਅਲ ਟੈਕਸ ਲਗਾ ਕੇ ਉਨ੍ਹਾਂ ਨੂੰ ਬਿਜਲੀ ਸੱਤ ਰੁਪਏ ਤੋਂ ਸਾਢੇ ਅੱਠ ਰੁਪਏ ਪ੍ਰਤੀ ਯੂਨਿਟ ਖਰੀਦਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗੀ ਬਿਜਲੀ ਮਿਲਣ ਕਾਰਨ ਉਦਯੋਗਪਤੀਆਂ ਦੀਆਂ ਜੇਬਾਂ 'ਤੇ ਵਾਧੂ ਬੋਝ ਪੈ ਰਿਹਾ ਹੈ। ਉਨ੍ਹਾਂ ਸਰਕਾਰ ਕੋਲੋਂ ਵਾਅਦੇ ਮੁਤਾਬਕ ਪੰਜ ਰੁਪਏ ਯੂਨਿਟ ਬਿਜਲੀ ਦੇਣ ਦੀ ਮੰਗ ਕੀਤੀ।