ਸ੍ਰੀ ਫ਼ਤਿਹਗੜ੍ਹ ਸਾਹਿਬ: ਦੇਸ਼ ਭਰ 'ਚ ਲੌਕਡਾਊਨ ਲਗਾ ਹੋਇਆ ਹੈ। ਸੂਬਾ ਸਰਕਾਰ ਵੱਲੋਂ ਕਰਫਿਊ ਦੇ ਦੌਰਾਨ ਪੰਜਾਬ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ਤੱਕ ਪਹੁੰਚਾਉਣ ਲਈ ਸਪੈਸ਼ਲ ਟਰੇਨਾਂ ਵੀ ਚਲਾਈਆਂ ਜਾ ਰਹੀਆਂ ਹਨ।
ਪ੍ਰਵਾਸੀ ਮਜ਼ਦੂਰਾਂ ਨੂੰ ਇਸ ਦੇ ਕੋਵਿਡ-19 ਦੀ ਥਰਮਲ ਸਕ੍ਰੀਨਿੰਗ ਤੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਦੇ ਚਲਦੇ ਆਪਣੇ ਘਰਾਂ ਨੂੰ ਜਾਣ ਦੀ ਚਾਹ 'ਚ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਦੇ ਬਾਹਰ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਸਕ੍ਰੀਨਿੰਗ ਲਈ ਪੁਜੇ। ਇਸ ਦੌਰਾਨ ਹਸਪਤਾਲਾਂ ਦੇ ਬਾਹਰ ਲੰਬੀਆਂ ਕਤਾਰਾਂ ਵਿਖਾਈ ਦਿੱਤੀਆਂ। ਉੱਥੇ ਹੀ ਇਸ ਮੌਕੇ ਮਜ਼ਦੂਰਾਂ ਦੀ ਜਾਂਚ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹੀ ਇਹ ਕੈਂਪ ਲਗਾਇਆ ਗਿਆ ਹੈ ਅਤੇ ਮਜ਼ਦੂਰਾਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਵੱਧ ਤੋਂ ਵੱਧ ਮਜ਼ਦੂਰਾਂ ਦਾ ਚੈੱਕਅਪ ਕੀਤਾ ਜਾਵੇਗਾ।
ਇਸ ਬਾਰੇ ਜਦ ਪ੍ਰਵਾਸੀ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਸੂਬਿਆਂ ਨੂੰ ਵਾਪਸ ਜਾਣਾ ਚਾਹੁੰਦੇ ਹਨ। ਇਸ ਦੇ ਲਈ ਉਹ ਸਵੇਰੇ ਤੋਂ ਕਤਾਰਾਂ 'ਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਕਿਉਂਕਿ ਸਪੈਸ਼ਲ ਰੇਲਗੱਡੀਆਂ ਰਾਹੀਂ ਵਾਪਸ ਜਾਣ ਲਈ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਤੇ ਮੈਡੀਕਲ ਸਰਟੀਫਿਕੇਟ ਦੀ ਲੋੜ ਹੋਵੇਗੀ।